- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਸਟਾਗਰਾਮ ਦੀਆਂ ਸਟੋਰੀਆਂ ਨੇ ਛੇੜੀ ‘ਸਟੋਰੀ’, ਬਸਤੀ ਖਾਨ ਕੇ ’ਚ ਦੋ ਧਿਰਾਂ ਵਿਚਾਲੇ ਟਕਰਾਅ

ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ: ਫਿਰੋਜ਼ਪੁਰ ਦੇ ਥਾਣਾ ਆਰਿਫ ਕੇ ਅਧੀਨ ਆਉਂਦੀ ਬਸਤੀ ਖਾਨ ਕੇ ਵਿਚ ਇੰਸਟਾਗਰਾਮ ’ਤੇ ਵੀਡੀਓਜ਼ ਅਤੇ ਸਟੋਰੀਆਂ ਪਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਤਕਰਾਰ ਇੰਨੀ ਵਧ ਗਈ ਕਿ ਮਾਮਲਾ ਝੜਪ ਤੱਕ ਪਹੁੰਚ ਗਿਆ। ਘਟਨਾ ਦੌਰਾਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਦੋਵੇਂ ਧਿਰਾਂ ਦੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਆਹਮੋ-ਸਾਹਮਣੇ ਰਹਿੰਦੇ ਗੁਆਂਢੀਆਂ ਵਿਚਾਲੇ ਇੰਸਟਾਗਰਾਮ ’ਤੇ ਇੱਕ-ਦੂਜੇ ਦੀਆਂ ਵੀਡੀਓਜ਼ ਅਤੇ ਸਟੋਰੀਆਂ ਪਾਉਣ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਵਿਵਾਦ ਉਸ ਸਮੇਂ ਗੰਭੀਰ ਰੂਪ ਧਾਰ ਗਿਆ ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਮਾਮਲਾ ਇੰਨਾ ਵੱਧ ਗਿਆ ਕਿ ਕੁਝ ਲੋਕ ਘਰਾਂ ਦੀਆਂ ਛੱਤਾਂ ’ਤੇ ਚੜ੍ਹ ਗਏ ਅਤੇ ਇੱਕ-ਦੂਜੇ ਵੱਲ ਇੱਟਾਂ ਤੇ ਰੋੜੇ ਸੁੱਟੇ ਗਏ। ਇਸ ਤੋਂ ਇਲਾਵਾ ਕੁਝ ਘਰਾਂ ਵਿਚ ਦਾਖਲ ਹੋ ਕੇ ਭੰਨਤੋੜ ਕਰਨ ਦੇ ਵੀ ਇਲਜ਼ਾਮ ਲਗਾਏ ਜਾ ਰਹੇ ਹਨ। ਘਟਨਾ ਦੌਰਾਨ ਕਥਿਤ ਤੌਰ ’ਤੇ ਗੋਲੀਆਂ ਚੱਲਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਅਜੇ ਬਾਕੀ ਹੈ। ਝੜਪ ਦੌਰਾਨ ਦੋਵੇਂ ਧਿਰਾਂ ਦੇ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ’ਤੇ ਪਹੁੰਚੇ ਥਾਣਾ ਆਰਿਫਕੇ ਦੇ ਐੱਸਐੱਚਓ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਘਟਨਾ ਦੇ ਅਸਲ ਕਾਰਨਾਂ, ਕਥਿਤ ਗੋਲੀਬਾਰੀ ਅਤੇ ਭੰਨਤੋੜ ਸਬੰਧੀ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਹੋਰ ਸਪੱਸ਼ਟ ਹੋਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।