ਪੰਜਾਬੀ ਭਾਸ਼ਾ ’ਚ ਕੰਮ-ਕਾਜ ਕਰਨ ਸਬੰਧੀ ਹਦਾਇਤਾਂ ਜਾਰੀ
ਪੰਜਾਬੀ ਭਾਸ਼ਾ ’ਚ ਕੰਮ-ਕਾਜ ਕਰਨ ਸਬੰਧੀ ਹਦਾਇਤਾਂ ਜਾਰੀ
Publish Date: Thu, 08 Jan 2026 04:27 PM (IST)
Updated Date: Fri, 09 Jan 2026 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਹਦਾਇਤਾਂ ਜਾਰੀ ਹੋਈਆਂ ਸਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸੇ ਐਕਟ ਤਹਿਤ ਹੁਕਮ ਜਾਰੀ ਹੋਏ ਹਨ ਕਿ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰਾਂ ’ਚ ਸਮੁੱਚਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ’ਚ ਕੀਤਾ ਜਾਣਾ ਲਾਜ਼ਮੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸਮੂਹ ਵਿਭਾਗਾਂ ਦੀਆਂ ਵੈਬਸਾਈਟਾਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ (ਭਾਵ ਦੋਵੇਂ ਭਾਸ਼ਾਵਾਂ) ’ ਚ ਤਿਆਰ ਕੀਤੀਆ ਜਾਣ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦਿੱਤੀ। ਇਸ ਸਬੰਧੀ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਅਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਪੰਜਾਬੀ ਮਾਤ ਭਾਸ਼ਾ ਪੰਜਾਬ ਰਾਜ ਦੀ ਜਿੰਦ-ਜਾਨ ਹੈ ਅਤੇ ਇਹ ਪੰਜਾਬੀਅਤ ਦਾ ਮਾਣ ਹੈ। ਇਸ ਲਈ ਸੰਬੰਧਤ ਹੁਕਮਾਂ ਅਧੀਨ ਸਾਰਿਆਂ ਨੂੰ ਹੀ ਅਪੀਲ ਹੈ ਕਿ ਆਪੋ-ਆਪਣੇ ਅਧਿਕਾਰ ਖੇਤਰ ’ਚ ਆਉਂਦੇ ਸਥਾਨਾਂ ਦੀ ਪੜਤਾਲ ਕਰ ਲਈ ਜਾਵੇ ਅਤੇ ਸਾਰੇ ਦਫ਼ਤਰਾਂ ਦੇ ਸਾਈਨ ਬੋਰਡ ਅਤੇ ਸੜਕਾਂ ਕੰਢੇ ਲੱਗੇ ਬੋਰਡਾਂ ’ਚ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜ ਵੀ ਠੀਕ ਹੋਣ, ਜੇਕਰ ਕੋਈ ਕਮੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵੱਲੋਂ ਜਲਦੀ ਤੋਂ ਜਲਦੀ ਠੀਕ ਕਰਵਾਈ ਜਾਵੇ।