ਦੀਪਕ ਵਧਾਵਨ, ਗੁਰੂਹਰਸਹਾਏ (ਫਿਰੋਜ਼ਪੁਰ)

ਸਿਵਲ ਸਰਜਨ ਫਿਰੋਜ਼ਪੁਰ ਡਾ. ਰਜਿੰਦਰ ਅਰੋੜਾ ਦੇ ਦਿਸਾ-ਨਿਰਦੇਸਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਕਰਨਵੀਰ ਕੌਰ ਸੀਐੱਚਸੀ ਗੁਰੂਹਰਸਹਾਏ ਦੀ ਅਗਵਾਈ ਹੇਠ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਤੇ ਓਟ ਸੈਂਟਰ ਗੁਰੂਹਰਸਹਾਏ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ.ਕਰਨਵੀਰ ਕੌਰ ਐੱਸਐੱਮਓ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਉਨਾਂ੍ਹ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ। ਇਨਾਂ੍ਹ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨਾਂ੍ਹ ਦੀ ਕਾਊਂਸਿਲੰਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜ਼ਬੂਤ ਹੋ ਸਕਣ। ਸਮਾਜ ਦੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਇਸ ਸਮੱਸਿਆ ਬਾਰੇ ਜਾਗਰੂਕ ਕਰਨ ਲਈ ਡੈਪੋ ਅਤੇ ਬਡੀ ਪੋ੍ਗਰਾਮਾਂ ਨੂੰ ਵੀ ਸਫ਼ਲਤਾ ਪੂਰਵਕ ਚਲਾਇਆ ਗਿਆ ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ। ਉਨਾਂ੍ਹ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ਤੇ ਵਧ ਸਕੇ। ਇਸ ਮੌਕੇ ਜਸਵਿੰਦਰ ਸਿੰਘ ਫਾਰਮੇਸੀ ਅਫਸਰ, ਸਰਿੰਦਰ ਕੌਰ ਨਰਸਿੰਗ ਅਫਸਰ, ਸੀਮਾ ਰਾਣੀ ਓਟ ਕੌਂਸਲਰ ਨੇ ਵੀ ਲੋਕਾਂ ਨੂੰ ਜਾਗਰੂਕ ਕੀਤਾ।