ਤਨਖਾਹ ਕਟੌਤੀ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਨੇ ਕੰਮ ਰੱਖਿਆ ਠੱਪ
...ਕੀ ਮੁਲਾਜ਼ਮਾਂ ਦਾ 31000 ਰੁਪਏ ਕੱਟ ਕੇ ਮਹਿਲਾਵਾਂ ਨੂੰ 1000-1000 ਰੁਪਏ ਦੇਣ ਜਾ ਰਹੀ ਭਗਵੰਤ ਮਾਨ ਸਰਕਾਰ
Publish Date: Tue, 24 Feb 2026 04:17 PM (IST)
Updated Date: Tue, 24 Feb 2026 04:19 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੇ ਅੱਜ ਤੋਂ ਵਿਭਾਗ ਦਾ ਕੰਮ ਮੁਕੰਮਲ ਰੂਪ ਵਿਚ ਬੰਦ ਕਰ ਦਿੱਤਾ ਹੈ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਵਰਿੰਦਰ ਸਿੰਘ, ਜਨਕ ਸਿੰਘ ਨੇ ਦੱਸਿਆ ਕਿ ਤਨਖਾਹ ਕਟੌਤੀ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ 17 ਫਰਵਰੀ ਨੂੰ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰਮਚਾਰੀਆਂ ਦੀ ਤਨਖਾਹ ਕਟੌਤੀ ਨਾ ਕਰਨ ਅਤੇ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਫਾਈਲ 2 ਦਿਨ ਵਿਚ ਵਿੱਤ ਵਿਭਾਗ ਨੂੰ ਭੇਜਣ ਦਾ ਵਾਅਦਾ ਕੀਤਾ ਸੀ, ਪਰ ਹੁਣ ਵਿਭਾਗ ਆਪਣੇ ਵਾਅਦੇ ਤੋਂ ਪਲਟ ਰਿਹਾ ਹੈ ਅਤੇ ਕਰਮਚਾਰੀਆਂ ਦੀ ਫਾਈਲ 6 ਦਿਨ ਬੀਤਣ ਤੇ ਵੀ ਸਿੱਖਿਆ ਵਿਭਾਗ ਵਿਚ ਘੁੰਮ ਰਹੀ ਹੈ। ਆਗੂਆਂ ਨੇ ਕਿਹਾ ਕਿ ਇਹ ਫਾਈਲ 10 ਅਕਤੂਬਰ ਤੋਂ ਸ਼ੁਰੂ ਹੋਈ ਹੈ ਜੋ ਕਿ 5 ਮਹੀਨੇ ਬੀਤਣ ਤੇ ਵੀ ਸਿੱਖਿਆ ਵਿਭਾਗ ਨੇ ਵਿੱਤ ਵਿਭਾਗ ਨੂੰ ਨਹੀਂ ਭੇਜੀ ਜਿਸ ਕਰਕੇ ਸਮੂਹ ਮੁਲਾਜ਼ਮਾਂ ਵਿਚ ਰੋਸ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿਸ ਵਿਭਾਗ ਨੂੰ ਉਨ੍ਹਾਂ ਆਪਣੀ ਜ਼ਿੰਦਗੀ ਦੇ 15-20 ਸਾਲ ਦਿੱਤੇ ਉਹੀ ਵਿਭਾਗ ਹੁਣ 1007 ਮੁਲਾਜ਼ਮਾਂ ਦੇ ਪਰਿਵਾਰਾਂ ਦੀ ਬਚਦੀ ਜ਼ਿੰਦਗੀ ਰੋਲਣ ਦੀ ਕੋਸ਼ਿਸ਼ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ, ਪਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਵਰਿੰਦਰ ਸਿੰਘ, ਜਨਕ ਸਿੰਘ, ਪਵਨ ਮਦਾਨ, ਸੁਨੀਲ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁਲਜ਼ਮਾਂ ਦੀਆ ਤਨਖਾਹਾਂ ਦਾ 60 ਪ੍ਰਤੀਸ਼ਤ ਫੰਡ ਪ੍ਰਾਪਤ ਹੋ ਰਿਹਾ ਹੈ, ਇਸ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਕੱਟਣ ਤੇ ਤੁਲੀ ਹੋਈ ਹੈ ਅਤੇ ਵਾਰ-ਵਾਰ ਵਾਅਦੇ ਕਰਕੇ ਮੁਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਵੀ ਸਿੱਖਿਆ ਵਿਭਾਗ ਦੇ ਅਧਿਕਾਰੀ ਮੁਨਕਰ ਹੋ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਅਤੇ ਸਿੱਖਿਆ ਵਿਭਾਗ ਦੀ ਧੱਕੇਸ਼ਹੀ ਵਿਰੁੱਧ ਦਫਤਰੀ ਕਰਮਚਾਰੀ 25 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਮੋਹਾਲੀ ਦਾ ਘਿਰਾੳ ਕਰਨਗੇ ਅਤੇ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ ਕਰਨਗੇ। ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਕੱਟ ਲਾਉਣ ਦੇ ਹੁਕਮਾਂ ਨੂੰ ਨਾ ਰੋਕਿਆ ਤਾਂ ਮੁੱਖ ਮੰਤਰੀ ਅਤੇ ਮੰਤਰੀਆ ਦੇ ਘਰਾਂ ਦੇ ਬਾਹਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ।