ਰਾਣਾ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਕੀਤੀ ਮੁਲਾਕਾਤ
ਸਰਹੱਦੀ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਦਾ ਚੁੱਕਿਆ ਮੁੱਦਾ
Publish Date: Fri, 20 Mar 2026 04:26 PM (IST)
Updated Date: Fri, 20 Mar 2026 04:28 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸਰਹੱਦੀ ਖੇਤਰਾਂ ਦੇ ਕਿਸਾਨਾਂ ਦੀਆਂ ਚਿਰੋਕਣੀ ਮੰਗਾਂ, ਸਿਹਤ ਸਹੂਲਤਾਂ ਅਤੇ ਸੂਬੇ ਦੀ ਵਿਗੜ ਰਹੀ ਕਾਨੂੰਨ-ਵਿਵਸਥਾ ਵਰਗੇ ਅਹਿਮ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਰਾਣਾ ਸੋਢੀ ਨੇ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਰਹੱਦੀ ਖੇਤਰਾਂ ਦੇ ਕਿਸਾਨ ਦਹਾਕਿਆਂ ਤੋਂ ਆਪਣੀ ਜ਼ਮੀਨ ਦੇ ਪੱਕੇ ਮਾਲਕੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਮੀਨਾਂ ‘‘ਕੱਚੀ’’ ਸ਼੍ਰੇਣੀ ਵਿਚ ਹੋਣ ਕਾਰਨ ਹੜ੍ਹ ਜਾਂ ਜੰਗ ਵਰਗੇ ਹਾਲਾਤਾਂ ਵਿਚ ਫਸਲ ਬਰਬਾਦ ਹੋਣ ’ਤੇ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਦਾ। ਪਿਛਲੀਆਂ ਸਰਕਾਰਾਂ ਵੇਲੇ ਗਿਰਦਾਵਰੀ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਪ੍ਰਸ਼ਾਸਨਿਕ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਤਾਰ-ਪਾਰ ਵਾਲੀਆਂ ਜ਼ਮੀਨਾਂ ’ਤੇ ਕਿਸਾਨਾਂ ਦੇ ਹੱਕ ਸੁਰੱਖਿਅਤ ਕੀਤੇ ਜਾਣ ਤਾਂ ਜੋ ਖੇਤੀਬਾੜੀ ਨਿਰਵਿਘਨ ਚੱਲ ਸਕੇ। ਸਿਹਤ ਖੇਤਰ ਬਾਰੇ ਚਰਾਣਾ ਸੋਢੀ ਨੇ ਫਿਰੋਜ਼ਪੁਰ ਸਥਿਤ ਪੀਜੀਆਈ ਸੈਟੇਲਾਈਟ ਸੈਂਟਰ ਵਿਚ ਤੁਰੰਤ ਓਪੀਡੀ ਸੇਵਾਵਾਂ ਸ਼ੁਰੂ ਕਰਨ ਅਤੇ ਉੱਥੇ ਮੈਡੀਕਲ ਕਾਲਜ ਦੀ ਮਨਜ਼ੂਰੀ ਦੇਣ ਦੀ ਪੁਰਜ਼ੋਰ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਫਿਰੋਜ਼ਪੁਰ, ਸਗੋਂ ਫਰੀਦਕੋਟ, ਫਾਜ਼ਿਲਕਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੀ ਵੱਡੇ ਸ਼ਹਿਰਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ। ਇਸ ਨਾਲ ਇਲਾਕੇ ਵਿਚ ਰੋਜ਼ਗਾਰ ਵਧੇਗਾ ਅਤੇ ਨੌਜਵਾਨਾਂ ਲਈ ਮੈਡੀਕਲ ਸਿੱਖਿਆ ਦੇ ਰਾਹ ਖੁੱਲ੍ਹਣਗੇ। ਸੂਬੇ ਦੀ ਮੌਜ਼ੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਡਾ. ਸੋਢੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ। ਦਿਨ-ਦਿਹਾੜੇ ਹੋ ਰਹੇ ਕਤਲ, ਲੁੱਟਾਂ-ਖੋਹਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਰਾਜ ਵਿਚ ਸੁਰੱਖਿਆ ਮਜ਼ਬੂਤ ਕਰਨ ਲਈ ਕੇਂਦਰੀ ਸੁਰੱਖਿਆ ਬਲਾਂ ਦੀ ਤੈਨਾਤੀ ਬਾਰੇ ਵਿਚਾਰ ਕੀਤਾ ਜਾਵੇ। ਰਾਣਾ ਗੁਰਮੀਤ ਸਿੰਘ ਸੋਢੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਇਨ੍ਹਾਂ ਮੁੱਦਿਆਂ ਦਾ ਜਲਦੀ ਹੱਲ ਕੱਢੇਗੀ ਤਾਂ ਜੋ ਪੰਜਾਬ ਦੇ ਸਰਹੱਦੀ ਖੇਤਰਾਂ ਦਾ ਸਰਵਪੱਖੀ ਵਿਕਾਸ ਹੋ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।