ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਸਾਂਝੀਆਂ ਮੰਗਾਂ ਨਾ ਮੰਨਣ ਅਤੇ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਵਿਚ ਸੋਧ ਨਾ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਦਫਤਰ ਫਿਰੋਜ਼ਪੁਰ ਯੂਨੀਅਨ ਦੇ ਪ੍ਰਧਾਨ ਓਮ ਪ੍ਰਕਾਸ਼ ਰਾਣਾ ਅਤੇ ਪੀਐੱਸਐੱਮਯੂ ਿਫ਼ਰੋਜ਼ਪੁਰ ਦੇ ਪ੍ਰਧਾਨ ਮਨੋਹਰ ਲਾਲ ਨੇ ਦੱਸਿਆ ਕਿ ਇਸੇ ਰੋਸ ਵਜੋਂ ਹੜਤਾਲ ਵਿਚ ਮਿਤੀ 31 ਅਕਤੂਬਰ 2021 ਤੱਕ ਵਾਧਾ ਕਰ ਦਿੱਤਾ ਗਿਆ ਹੈ ਅਤੇ ਖਜ਼ਾਨਾ ਦਫਤਰ ਫਿਰੋਜ਼ਪੁਰ ਵਿਖੇ ਪੱਕਾ ਧਰਨਾ ਲਗਾਇਆ ਗਿਆ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਹੜਤਾਲ ਦੌਰਾਨ ਕੰਮ ਮੁਕੰਮਲ ਤੌਰ 'ਤੇ ਬੰਦ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਇੱਥੇ ਜ਼ਿਕਰਯੋਗ ਹੈ ਕਿ ਡੀਸੀ ਦਫਤਰ ਦੇ ਮਲਾਜ਼ਮਾਂ ਤੋਂ ਇਲਾਵਾ ਉਪ ਮੰਡਲ ਮੈਜਿਸਟੇ੍ਟ ਗੁਰੂਹਰਸਹਾਏ, ਜ਼ੀਰਾ, ਸਬ ਤਹਿਸੀਲ ਮਖੂ, ਮਮਦੋਟ ਦੇ ਮੁਲਾਜ਼ਮ ਵੀ ਮੁਕੰਮਲ ਹੜਤਾਲ ਤੇ ਰਹੇ। ਡੀਸੀ ਦਫਤਰ ਦੀ ਸੂਬਾ ਬਾਡੀ ਅਤੇ ਪੀਐੱਸਐੱਮਐੱਸਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਸੂਬਾ ਸਰਕਾਰ ਵਲੋਂ ਲਗਾਏ ਜਾ ਰਹੇ ਸੁਵਿਧਾ ਕੈਪਾਂ ਵਿਚ ਡੀਸੀ ਦਫ਼ਤਰ, ਐੱਸਡੀਐੱਮ ਦਫਤਰ, ਤਹਿਸੀਲ ਤੇ ਸਬ ਤਹਿਸੀਲ ਦਫਤਰ ਦਾ ਕੋਈ ਵੀ ਕਰਮਚਾਰੀ ਕੰਮ ਨਹੀਂ ਕਰੇਗਾ।