ਬੰਦੀ ਸਿੰਘ ਜਲਦੀ ਰਿਹਾ ਕੀਤੇ ਜਾਣ : ਪੀਰ ਮੁਹੰਮਦ
ਪ੍ਰੋ. ਭੁੱਲਰ ਦੀ ਪਟੀਸ਼ਨ ਰੱਦ ਹੋਣ ’ਤੇ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਤਿੱਖਾ ਪ੍ਰਤੀਕਰਮ
Publish Date: Fri, 13 Feb 2026 03:46 PM (IST)
Updated Date: Fri, 13 Feb 2026 03:48 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ, ਮਖੂ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਸਿਰਫ਼ ਇਕ ਵਿਅਕਤੀ ਦਾ ਮਾਮਲਾ ਨਹੀਂ, ਸਗੋਂ ਸਮੂਹ ਬੰਦੀ ਸਿੰਘਾਂ ਨਾਲ ਹੋ ਰਹੀ ਬੇਇਨਸਾਫ਼ੀ ਦੀ ਇੱਕ ਹੋਰ ਮਿਸਾਲ ਹੈ। ਪੀਰ ਮੁਹੰਮਦ ਨੇ ਸਰਕਾਰ ਦੀ ਨੀਅਤ ਤੇ ਸਵਾਲ ਚੁੱਕਦਿਆਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 33 ਸਾਲਾਂ ਦੀ ਲੰਬੀ ਸਜ਼ਾ ਦੇ ਬਾਵਜੂਦ ਰਿਹਾਈ ਤੋਂ ਇਨਕਾਰ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਉਹ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਅਜੇ ਵੀ ਜੇਲ੍ਹਾਂ ਵਿੱਚ ਡੱਕ ਕੇ ਰੱਖਣਾ ਲੋਕਤੰਤਰ ਦਾ ਮਜ਼ਾਕ ਹੈ। ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਾਥੀਆਂ ਤੇ ਲਗਾਏ ਗਏ ਐਨ.ਐਸ.ਏ. ਅਤੇ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਨੂੰ ਵੀ ਸਿਆਸੀ ਵਿਤਕਰਾ ਕਰਾਰ ਦਿੱਤਾ। ਇਕ ਪਾਸੇ ਸਰਕਾਰ ਹੋਰਨਾਂ ਕੈਦੀਆਂ ਨੂੰ ਰਿਹਾਅ ਕਰ ਰਹੀ ਹੈ, ਪਰ ਸਿੱਖ ਕੈਦੀਆਂ ਦੇ ਮਾਮਲੇ ਵਿਚ ਸਜ਼ਾ ਸਮੀਖਿਆ ਬੋਰਡ ਨਕਾਰਾਤਮਕ ਭੂਮਿਕਾ ਨਿਭਾ ਰਿਹਾ ਹੈ। ਭਾਜਪਾ ਤੇ ਆਮ ਆਦਮੀ ਪਾਰਟੀ ਦੋਵੇਂ ਹੀ ਸਿੱਖਾਂ ਦੇ ਹੱਕੀ ਮਸਲਿਆਂ ’ਤੇ ਦੋਹਰੀ ਰਾਜਨੀਤੀ ਕਰ ਰਹੀਆਂ ਹਨ। ਪੀਰ ਮੁਹੰਮਦ ਨੇ ਕਿਹਾ ਕਿ ਇਨ੍ਹਾਂ ਸਾਰੇ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਇਸ ਲਈ ਇਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਿੱਖ ਕੌਮ ਅੰਦਰ ਵਧ ਰਹੀ ਨਿਰਾਸ਼ਾ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਪ੍ਰੋ. ਭੁੱਲਰ, ਭਾਈ ਹਵਾਰਾ, ਭਾਈ ਰਾਜੋਆਣਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੇ ਆਦੇਸ਼ ਦਿੱਤੇ ਜਾਣ।