15 ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਵਿਰੋਧ ’ਚ ਮਖੂ-ਫਿਰੋਜਪੁਰ ਰੋਡ ਕੀਤਾ ਜਾਮ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸਰਵਣ ਸਿੰਘ ਪੰਧੇਰ ਸਮੇਤ 15 ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਵਿਰੋਧ ’ਚ ਮਖੂ-ਫਿਰੋਜਪੁਰ
Publish Date: Sun, 18 Jan 2026 05:28 PM (IST)
Updated Date: Sun, 18 Jan 2026 05:31 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਵਣ ਸਿੰਘ ਪੰਧੇਰ ਸਮੇਤ 15 ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਵਿਰੋਧ ਵਿਚ ਮਖੂ-ਫਿਰੋਜਪੁਰ ਰੋਡ ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸ਼ਨ ਵਿਰੁੱਧ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਫੌਜ਼ੀ, ਅਮਨਦੀਪ ਸਿੰਘ ਕੱਚਰਭੰਨ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਹਲਕਾ ਮਜੀਠਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੀ ਜਾ ਰਹੀ ਰੈਲੀ ਵਿਚ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਸ਼ੰਬੂ ਖਨੌਰੀ ਮੋਰਚਿਆਂ ਦੇ ਕੀਤੇ ਜਬਰ,ਸਮਾਨ ਦੀ ਭੰਨਤੋੜ ਦੀ ਭਰਪਾਈ,ਬਿਜਲੀ ਸੋਧ ਬਿੱਲ 2025, ਬੀਜ ਐਕਟ ਅਤੇ ਹੋਰ ਕਿਸਾਨੀ ਮੰਗਾਂ ਸਬੰਧੀ ਵਾਰ-ਵਾਰ ਮੁੱਖ ਮੰਤਰੀ ਪੰਜਾਬ ਤੋਂ ਮੀਟਿੰਗ ਦਾ ਸਮਾਂ ਮੰਗਿਆ ਗਿਆ, ਪਰ ਮੁੱਖ ਮੰਤਰੀ ਪੰਜਾਬ ਵੱਲੋਂ ਉਨ੍ਹਾਂ ਨੂੰ ਹਰ ਵਾਰ ਟਾਲ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਜਥੇਬੰਦੀ ਨੇ ਮਜੀਠਾ ਰੈਲੀ ਦੌਰਾਨ ਮੁੱਖ ਮੰਤਰੀ ਤੋਂ ਸਵਾਲ ਪੁੱਛਣ ਦਾ ਐਲਾਨ ਕੀਤਾ ਸੀ, ਪਰ ਇਸ ਤੋਂ ਪਹਿਲਾਂ ਹੀ ਬੀਤੀ ਅੱਧੀ ਰਾਤ ਨੂੰ ਸਰਵਣ ਸਿੰਘ ਪੰਧੇਰ ਸਮੇਤ 15 ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਲਿਆ ਗਿਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਅਹੁਦੇ ਦੀ ਮਾਣ ਮਰਿਆਦਾ ਨੂੰ ਛਿੱਕੇ ਟੰਗ ਕੇ ਸਵਾਲ ਕਰਨ ਜਾ ਰਹੇ ਕਿਸਾਨ ਆਗੂਆਂ ਨੂੰ ਜਬਰੀ ਘਰਾਂ ਵਿੱਚੋਂ ਚੁੱਕ ਕੇ ਥਾਣਿਆਂ ਵਿਚ ਬੰਦ ਕਰਵਾਉਣਾ ਅਤਿ ਹੀ ਮਾੜਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੋਣਾਂ ਵੇਲੇ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਚੁੱਕੇ ਹਨ। ਕਿਸਾਨਾਂ ਨੂੰ ਗ੍ਰਿਫਤਾਰ ਕਰਨ ਨਾਲ ਉਨ੍ਹਾਂ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ,ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ ਨਹੀਂ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸੁਰਜੀਤ ਸਿੰਘ ਫੌਜ਼ੀ, ਅਮਨਦੀਪ ਸਿੰਘ ਕੱਚਰਭੰਨ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਰਣਜੀਤ ਸਿੰਘ ਖੱਚਰ ਵਾਲਾ,ਰਛਪਾਲ ਸਿੰਘ ਗੱਟਾ, ਬਚਿੱਤਰ ਸਿੰਘ ਦੂਲੇਵਾਲਾ, ਜੋਗਾ ਸਿੰਘ ਵੱਟੂਭੱਟੀ, ਵਰਿੰਦਰ ਸਿੰਘ ਕੱਸੋਆਣਾ, ਆਰ ਕੇ ਜ਼ੀਰਾ, ਅਮਰਜੀਤ ਸਿੰਘ ਸੰਤੂ ਵਾਲਾ, ਸਾਹਿਬ ਸਿੰਘ ਤਲਵੰਡੀ, ਮੱਸਾ ਸਿੰਘ ਆਸਿਫ਼ ਵਾਲਾ,ਸਾਹਿਬ ਸਿੰਘ ਦੀਨੇਕੇ, ਗੁਰਮੁੱਖ ਸਿੰਘ ਕਾਮਲਵਾਲਾ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।