ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਰਾਮ ਲਾਲ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਬਾਬਾ ਰਾਮ ਲਾਲ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Publish Date: Sun, 06 Sep 2026 05:08 PM (IST)
Updated Date: Sun, 06 Sep 2026 05:10 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਜੋਨ ਬਾਬਾ ਰਾਮ ਲਾਲ ਵੱਲੋਂ ਕੇਐੱਮਐੱਮ ਦੀ ਕਾਲ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪਿੰਡ ਵਾਹਕਾ ਮੋੜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਹ ਰੋਸ ਪ੍ਰਦਰਸ਼ਨ ਜੋਨ ਪ੍ਰਧਾਨ ਕੇਵਲ ਸਿੰਘ ਵਾਹਕਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਅਵਤਾਰ ਸਿੰਘ ਬੱਗੇਵਾਲਾ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਸ਼ੇਰੋ ਵਿੱਚ ਕੀਤੀ ਗਈ ਰੈਲੀ ਦੌਰਾਨ ਮੋਹਨਜੀਤ ਵੱਲੋਂ ਪਿੰਡਾਂ ਵਿੱਚ ਨਸ਼ਾ ਖ਼ਤਮ ਨਾ ਹੋਣ ਦੇ ਮੁੱਦੇ ਨੂੰ ਲੈ ਕੇ ਕਾਲਾ ਕੱਪੜਾ ਦਿਖਾ ਕੇ ਰੋਸ ਪ੍ਰਗਟ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਬਾਅਦ ਪੁਲਿਸ ਵੱਲੋਂ ਮੋਹਨਜੀਤ ਨੂੰ ਹਿਰਾਸਤ ਵਿੱਚ ਲੈ ਕੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। ਆਗੂਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 14 ਸਤੰਬਰ ਤੋਂ ਪੰਜ ਰੋਜ਼ਾ ਮੰਤਰੀਆਂ ਦੇ ਘਿਰਾਓ ਕੀਤੇ ਜਾਣ ਦੀਆਂ ਤਿਆਰੀਆਂ ਵੱਖ-ਵੱਖ ਪਿੰਡਾਂ ਵਿੱਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਮੌਕੇ ਜੋਨ ਆਗੂ ਮਨਜੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਰਮਲ ਸਿੰਘ, ਅਜੈਬ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।