ਮਹਿਮਾਂ ਖ਼ਿਲਾਫ਼ ਪਰਚਾ ਤੁਰੰਤ ਰੱਦ ਕਰੇ ਪੁਲਿਸ : ਜਗਰੂਪ ਸਿੰਘ ਭੁੱਲਰ
ਕਿਸਾਨ ਆਗੂ ਅਵਤਾਰ ਸਿੰਘ ਮਹਿਮਾਂ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਖ਼ਿਲਾਫ਼ ਕਿਸਾਨ ਸਟੂਡੈਂਟ ਯੂਨੀਅਨ ਭੜਕੀ
Publish Date: Sun, 08 Mar 2026 05:18 PM (IST)
Updated Date: Sun, 08 Mar 2026 05:21 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਕਿਸਾਨ ਸਟੂਡੈਂਟ ਯੂਨੀਅਨ ਦੀ ਇਕ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਖ਼ਿਲਾਫ਼ ਫਾਜ਼ਿਲਕਾ ਪੁਲਿਸ ਵੱਲੋਂ ਦਰਜ ਕੀਤੇ ਗਏ ਕੇਸ ਦੀ ਕੜੀ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਕਿਸਾਨ ਸਟੂਡੈਂਟ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਅਤੇ ਲੋਕਪੱਖੀ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਦਬਾਉਣ ਦੀ ਕੋਸ਼ਿਸ਼ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਨਾਲ ਆਮ ਲੋਕਾਂ ਵਿਚ ਭਾਰੀ ਰੋਸ ਪੈਦਾ ਹੋ ਰਿਹਾ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਅਵਤਾਰ ਸਿੰਘ ਮਹਿਮਾ ਅਤੇ ਉਨ੍ਹਾਂ ਦੇ ਪਰਿਵਾਰ ਉੱਪਰ ਦਰਜ ਕੀਤਾ ਗਿਆ ਇਹ ਝੂਠਾ ਕੇਸ ਤੁਰੰਤ ਰੱਦ ਕੀਤਾ ਜਾਵੇ ਅਤੇ ਨਿਰਪੱਖ ਜਾਂਚ ਕਰਕੇ ਅਸਲ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਹ ਪਰਚਾ ਜਲਦੀ ਰੱਦ ਨਾ ਕੀਤਾ ਗਿਆ ਤਾਂ ਕਿਸਾਨ ਸਟੂਡੈਂਟ ਯੂਨੀਅਨ ਵੱਲੋਂ ਤਿੱਖੇ ਅਤੇ ਜ਼ੋਰਦਾਰ ਸੰਘਰਸ਼ ਦੀ ਰਾਹ ਪਕੜੀ ਜਾਵੇਗੀ ਅਤੇ ਕਿਸਾਨ-ਮਜ਼ਦੂਰ ਵਰਗ ਨਾਲ ਹੋ ਰਹੇ ਅਨਿਆਇ ਖ਼ਿਲਾਫ਼ ਵੱਡਾ ਅੰਦੋਲਨ ਖੜ੍ਹਾ ਕੀਤਾ ਜਾਵੇਗਾ। ਇਸ ਮੌਕੇ ਨਿਰਭੈ ਸਿੰਘ ਭੁੱਲਰ, ਗੁਰਪ੍ਰੀਤ ਢੋਟ, ਹਰਮਨ ਸਿੱਧੂ, ਸਿਮਰਨਜੀਤ ਸੰਧੂ, ਮੰਨਾ ਵਿਰਕ, ਅਮਨਦੀਪ ਕੰਬੋਜ਼ ਅਤੇ ਗੋਪੀ ਭੁੱਲਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।