ਰਾਧਾ ਕ੍ਰਿਸ਼ਨ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ
Publish Date: Sat, 05 Sep 2026 06:53 PM (IST)
Updated Date: Sat, 05 Sep 2026 06:55 PM (IST)
ਰਵੀ ਮੌਂਗਾ, ਪੰਜਾਬੀ ਜਾਗਰਣ ਗੁਰੂਹਰਸਹਾਏ : ਇਲਾਕੇ ਦੇ ਪ੍ਰਾਚੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਰਾਤ 12 ਵਜੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਸਮੇਂ ਮੰਦਰ ਵਿਚ ਸ਼ੰਖਨਾਦ ਅਤੇ ਘੰਟੀਆਂ ਦੀ ਗੂੰਜ ਨਾਲ ਸਾਰਾ ਮਾਹੌਲ ਜੈ ਸ਼੍ਰੀ ਕ੍ਰਿਸ਼ਨਾ ਦੇ ਜੈਕਾਰਿਆ ਨਾਲ ਗੂੰਜ ਉੱਠਿਆ। ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵੀ ਆਪਣੇ ਸਾਥੀਆਂ ਸਮੇਤ ਮੰਦਰ ਵਿਖੇ ਪਹੁੰਚੇ। ਉਨ੍ਹਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਧਰਮ, ਨਿਆਂ ਅਤੇ ਨੇਕੀ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਬੀਸੀ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਵੱਲੋਂ ਮੰਦਰ ਵਿਖੇ ਨਤਮਸਤਕ ਹੋਕੇ ਹਾਜ਼ਰੀ ਲਗਵਾਈ ਤੇ ਸੰਗਤਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਮਾਜ ਸੇਵੀ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸੰਗਤ ਦੀ ਸੇਵਾ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਸੇਵਾਦਾਰਾਂ ਅਤੇ ਨੌਜਵਾਨਾਂ ਵੱਲੋਂ ਸੰਗਤ ਦੀ ਸਹੂਲਤ ਲਈ ਵੱਖ-ਵੱਖ ਥਾਵਾਂ ’ਤੇ ਸੇਵਾ ਕੀਤੀ ਗਈ। ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ, ਪਾਰਕਿੰਗ ਅਤੇ ਸਫ਼ਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸ਼ਰਧਾਲੂਆਂ ਨੇ ਸ਼ਾਂਤੀਪੂਰਵਕ ਭਗਵਾਨ ਸ੍ਰੀ ਕ੍ਰਿਸ਼ਨ ਦੇ ਦਰਸ਼ਨ ਕੀਤੇ।