ਵਾਰਡ ਨੰਬਰ 11,12 ਦੇ ਵਾਸੀਆਂ ਨਾਲ ਰੂਬਰੂ ਹੋਏ ਕੁਲਬੀਰ ਸਿੰਘ ਜ਼ੀਰਾ
ਵਾਰਡ ਨੰਬਰ 11,12 ਦੇ ਵਾਸੀਆਂ ਨਾਲ ਰੂਬਰੂ ਹੋਏ ਕੁਲਬੀਰ ਸਿੰਘ ਜ਼ੀਰਾ
Publish Date: Fri, 20 Mar 2026 03:50 PM (IST)
Updated Date: Fri, 20 Mar 2026 03:52 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਸ਼ਹਿਰ ਦੇ ਵਾਰਡ ਨੰਬਰ 11 ਅਤੇ 12 ਦੇ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿਵਾਇਆ। ਇਹ ਮੁਲਾਕਾਤ ਕੌਂਸਲਰ ਡਾ. ਜਗੀਰ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿੱਥੇ ਵੱਡੀ ਗਿਣਤੀ ਵਿਚ ਮੁਹੱਲਾ ਵਾਸੀ ਆਪਣੇ ਮੁੱਦੇ ਲੈ ਕੇ ਪਹੁੰਚੇ। ਇਸ ਦੌਰਾਨ ਮੁਹੱਲਾ ਨਿਵਾਸੀਆਂ ਨੇ ਸੀਵਰੇਜ ਦੀਆਂ ਟੁੱਟੀਆਂ ਪਾਈਪਾਂ ਅਤੇ ਇਸ ਕਾਰਨ ਪ੍ਰਦੂਸ਼ਿਤ ਹੋ ਰਹੇ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਉਠਾਈ। ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਦੇ ਇਕੱਠ ਨਾਲ ਮੱਛਰਾਂ ਦੀ ਵਾਧੂ ਪੈਦਾਵਾਰ ਹੋ ਰਹੀ ਹੈ, ਜਿਸ ਨਾਲ ਬਿਮਾਰੀਆਂ ਦਾ ਖਤਰਾ ਵੱਧਦਾ ਜਾ ਰਿਹਾ ਹੈ ਅਤੇ ਲੋਕ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਉਹ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਹਰ ਹਾਲ ‘ਚ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਵਾਰਡਾਂ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਆਉਣ ਵਾਲੇ ਸਮੇਂ ਵਿੱਚ ਸੀਵਰੇਜ ਪ੍ਰਣਾਲੀ ਨੂੰ ਠੀਕ ਕਰਕੇ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ, ਨਾਲ ਹੀ ਪੱਕੀਆਂ ਗਲੀਆਂ-ਨਾਲੀਆਂ ਅਤੇ ਹੋਰ ਵਿਕਾਸ ਕਾਰਜ ਵੀ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਬਣਨ ’ਤੇ ਹਰ ਵਾਰਡ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਡਾ. ਰਛਪਾਲ ਸਿੰਘ ਗਿੱਲ, ਕੌਂਸਲਰ ਜਗੀਰ ਸਿੰਘ, ਕੌਂਸਲਰ ਗੁਰਭਗਤ ਸਿੰਘ ਗਿੱਲ, ਕੌਂਸਲਰ ਅਸ਼ੋਕ ਮਨਚੰਦਾ, ਕੌਂਸਲਰ ਨਿੱਕਾ ਵਿੱਜ, ਗੁਰਪ੍ਰੀਤ ਸਿੰਘ, ਬਾਬਾ ਰਜਵੰਤ ਸਿੰਘ, ਨੱਛਤਰ ਸਿੰਘ, ਬਲਜੀਤ ਕੁਮਾਰ, ਮਨਪ੍ਰੀਤ ਸਿੰਘ, ਸੁੱਖਾ ਨੰਬਰਦਾਰ, ਤਰਲੋਕ ਸਿੰਘ, ਬਲਕਾਰ ਸਿੰਘ, ਨਸੀਬ ਸਿੰਘ, ਵੀਰਪਾਲ ਸਿੰਘ, ਸਤਨਾਮ ਸਿੰਘ ਅਤੇ ਬਲਦੇਵ ਸਿੰਘ ਸਮੇਤ ਕਈ ਹੋਰ ਹਾਜ਼ਰ ਸਨ।