ਇਕ ਇੰਚ ਜ਼ਮੀਨ ਵੀ ਜਬਰੀ ਐਕਵਾਇਰ ਨਹੀਂ ਹੋਣ ਦੇਵਾਂਗੇ : ਫੁਰਮਾਨ ਸਿੰਘ ਸੰਧੂ ‘ਲੈਂਡ ਪੂਲਿੰਗ ਨੀਤੀ’ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਸਾਜ਼ਿਸ਼
Publish Date: Mon, 06 Jul 2026 03:46 PM (IST)
Updated Date: Mon, 06 Jul 2026 03:48 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਵਿਚ ਮੁੜ ਚਰਚਾ ਦਾ ਕੇਂਦਰ ਬਣੀ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਆਪਣਾ ਵਿਰੋਧ ਹੋਰ ਤੇਜ਼ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਸਪੱਸ਼ਟ ਸ਼ਬਦਾਂ ਵਿਚ ਐਲਾਨ ਕੀਤਾ ਹੈ ਕਿ ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਉਨ੍ਹਾਂ ਦੀ ਇਕ ਇੰਚ ਜ਼ਮੀਨ ਵੀ ਜਬਰੀ ਐਕਵਾਇਰ ਨਹੀਂ ਹੋਣ ਦਿੱਤੀ ਜਾਵੇਗੀ। ਜਥੇਬੰਦੀ ਨੇ ਕਿਹਾ ਕਿ ਸੋਧਾਂ ਦੇ ਨਾਂ ’ਤੇ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਦੀ ਉਪਜਾਊ ਜ਼ਮੀਨ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੋਧ ਕਰਕੇ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੀ ਮੌਤ ਦਾ ਵਾਰੰਟ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਪੰਜਾਬ ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ ਲਈ ਹਿੱਕ ਡਾਹ ਕੇ ਖੜ੍ਹੀ ਹੈ ਅਤੇ ਕਿਸੇ ਵੀ ਕੀਮਤ ’ਤੇ ਉਨ੍ਹਾਂ ਦੇ ਹੱਕਾਂ ਨਾਲ ਸਮਝੌਤਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਪੰਜਾਬ ਦੇ ਕਿਸਾਨਾਂ ਦੀ ਉਪਜਾਊ ਜ਼ਮੀਨ ਨੂੰ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਵਿਚ ਤਬਦੀਲ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਡੂੰਘੀ ਸਾਜ਼ਿਸ਼ ਹੈ, ਜਿਸ ਨੂੰ ਪੰਜਾਬ ਦਾ ਕਿਸਾਨ ਕਦੇ ਵੀ ਸਵੀਕਾਰ ਨਹੀਂ ਕਰੇਗਾ। ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਪਲਾਟ ਦੇ ਖੇਤਰ ਵਿੱਚ ਕੀਤੀ ਗਈ ਵਾਧੇ ਦੀ ਘੋਸ਼ਣਾ ਨਾਕਾਫ਼ੀ ਹੈ। ਉਨ੍ਹਾਂ ਕਿਹਾ ਕਿ 1210 ਗਜ਼ ਦੀ ਥਾਂ 1620 ਗਜ਼ ਦਾ ਪਲਾਟ ਦਿੱਤਾ ਜਾਣਾ ਚਾਹੀਦਾ ਹੈ ਅਤੇ ਜਿਹੜਾ ਕਿਸਾਨ ਪਲਾਟ ਨਹੀਂ ਲੈਣਾ ਚਾਹੁੰਦਾ, ਉਸ ਨੂੰ ਮੌਜ਼ੂਦਾ ਬਾਜ਼ਾਰੀ ਦਰ ਮੁਤਾਬਿਕ ਜ਼ਮੀਨ ਦੀ ਪੂਰੀ ਕੀਮਤ ਅਦਾ ਕੀਤੀ ਜਾਣੀ ਚਾਹੀਦੀ ਹੈ। ਇਹ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਨਹੀਂ ਹੋਣ ਦਿੱਤੀਆਂ ਜਾਣਗੀਆਂ। ਉਨ੍ਹਾਂ ਯਾਦ ਕਰਵਾਇਆ ਕਿ ਪਹਿਲਾਂ ਵੀ ਕਿਸਾਨਾਂ ਦੇ ਵਿਰੋਧ ਕਾਰਨ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ ਸੀ। ਜੇਕਰ ਸਰਕਾਰ ਨੇ ਇਹ ਨੀਤੀ ਤੁਰੰਤ ਵਾਪਸ ਨਾ ਲਈ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸੂਬਾ ਪੱਧਰ ’ਤੇ ਤਿੱਖਾ ਅਤੇ ਵਿਆਪਕ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ, ਭੁਪਿੰਦਰ ਸਿੰਘ ਔਲਖ ਜਰਨਲ ਸਕੱਤਰ ਪੰਜਾਬ, ਲਖਵਿੰਦਰ ਸਿੰਘ ਕਰਮੂਵਾਲਾ ਸੂਬਾ ਮੀਤ ਪ੍ਰਧਾਨ, ਗੁਰਚਰਨ ਸਿੰਘ ਪੀਰ ਮੁਹੰਮਦ ਕੋਰ ਕਮੇਟੀ ਮੈਂਬਰ, ਗੁਰਦੇਵ ਸਿੰਘ ਵਾਰਸ ਵਾਲਾ ਸਰਪ੍ਰਸਤ ਪੰਜਾਬ, ਸੁਬੇਗ ਸਿੰਘ ਪ੍ਰੈਸ ਸਕੱਤਰ, ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ਼, ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ, ਦਵਿੰਦਰ ਸਿੰਘ ਸਰਾਂ ਕੋਰ ਕਮੇਟੀ ਮੈਂਬਰ, ਬਲਦੇਵ ਸਿੰਘ ਕੋਰ ਕਮੇਟੀ ਮੈਂਬਰ, ਜਸਵਿੰਦਰ ਸਿੰਘ ਸਰਹਾਲੀ ਮੰਡ ਮੀਤ ਪ੍ਰਧਾਨ ਪੰਜਾਬ, ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਰਾਜਵੀਰ ਸਿੰਘ ਸੰਧਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਲਖਵੀਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਅਤੇ ਲਖਬੀਰ ਸਿੰਘ ਗੋਬਿੰਦਪੁਰ ਜ਼ਿਲ੍ਹਾ ਪ੍ਰਧਾਨ ਜਲੰਧਰ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।