ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਮਿਸ਼ਨ ਫਤਿਹ ਦੇ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਹੋਣ ਵਾਲੀ ਸੈਂਪਲਿੰਗ ਕਾਫ਼ੀ ਤੇਜ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ 4075 ਲੋਕਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ 3591 ਲੋਕਾਂ ਦੀ ਟੇਸਟ ਰਿਪੋਰਟ ਨੈਗੇਟਿਵ ਆਈ ਹੈ, ਜੋਕਿ ਕੁਲ ਸੈਂਪਲਾਂ ਦਾ 88 ਫ਼ੀਸਦੀ ਤੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਰੋਗ ਨੂੰ ਕਾਬੂ ਵਿਚ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸਦੇ ਤਹਿਤ ਸਭ ਤੋਂ ਪਹਿਲਾਂ ਸੈਂਪਲਿੰਗ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿਨ੍ਹਾਂ 4075 ਲੋਕਾਂ ਦੇ ਸੈਂਪਲ ਜਾਂਚ ਲਈ ਇਕੱਠੇ ਕੀਤੇ ਗਏ ਹਨ, ਉਨ੍ਹਾਂ ਵਿਚ 259 ਲੋਕ ਨਾਂਦੇੜ ਸਾਹਿਬ ਤੋਂ ਪਰਤੇ ਸਨ, 3 ਲੋਕ ਕੋਟਾ ਤੋਂ ਵਾਪਸ ਆਏ ਸੀ, 704 ਬਾਹਰੀ ਸੂਬਿਆਂ ਤੋਂ ਆਏ ਮਜ਼ਦੂਰ ਸਨ ਅਤੇ 3073 ਅਜਿਹੇ ਲੋਕ ਸਨ, ਜੋਕਿ ਸਲਮ ਏਰੀਆ ਵਿਚ ਰਹਿੰਦੇ ਹਨ ਜਾਂ ਫਿਰ ਜਿਨ੍ਹਾਂ ਨੇ ਖੰਘ-ਜੁਕਾਮ ਦੀ ਦਵਾਈ ਲਈ ਸਰਕਾਰੀ ਹਸਪਤਾਲ ਦੇ ਫਲੂ ਕਾਰਨਰ ਵਿੱਚ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਕੁਲ 3591 ਲੋਕਾਂ ਦੇ ਸੈਂਪਲ ਨੈਗੇਟਿਵ ਆਏ ਹਨ ਜਦੋਂ ਕਿ 116 ਲੋਕਾਂ ਦੇ ਸੈਂਪਲ ਦੁਬਾਰਾ ਰਿਪੀਟ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੁਲ 43 ਕੋਰੋਨਾ ਪਾਜਿਟਿਵ ਮਰੀਜ ਰਿਪੋਰਟ ਹੋਏ ਸਨ, ਜੋਕਿ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਵਿਚੋਂ ਠੀਕ ਹੋਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਦੇ ਤਹਿਤ ਇਕ ਵਿਸ਼ਾਲ ਸੈਂਪਲਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸਦੇ ਤਹਿਤ ਵੱਡੀ ਤਾਦਾਦ ਵਿਚ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਪੂਰੀ ਤਰ੍ਹਾਂ ਨਾਲ ਕਾਬੂ ਵਿਚ ਕੀਤਾ ਜਾ ਸਕੇ।