ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਵੱਲੋਂ ਮਿਸ਼ਨ ਫਤਿਹ ਤਹਿਤ ਘਰ-ਘਰ ਸੰਪਰਕ ਪ੍ਰਰੋਗਰਾਮ ਮੁਹਿੰਮ ਚਲਾਉਣ ਸਬੰਧੀ ਹੋਏ ਆਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ, ਫਿਰੋਜ਼ਪੁਰ ਨਾਲ ਸਬੰਧਤ ਯੂਥ ਕਲੱਬਾਂ, ਕੌਮੀ ਸੇਵਾ ਯੋਜਨਾ ਯੂਨਿਟਾਂ ਅਤੇ ਰੈੱਡ ਰੀਬਨ ਕਲੱਬਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਸ ਬਿਮਾਰੀ ਦੇ ਬਚਾਅ ਦੀਆਂ ਹਦਾਇਤਾਂ ਜਿਵੇਂ ਹੱਥ ਧੋਣਾ, ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਆਦਿ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਲੋਕਾਂ ਵਿਚ ਜਾਗਰੂਕਤਾ ਪੰਫਲੇਟ ਵੀ ਵੰਡੇ ਗਏ। ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜਗਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਜੁੜੇ ਨੌਜਵਾਨਾਂ ਵੱਲੋਂ ਉਪਰੋਕਤ ਵੱਡਮੁੱਲੇ ਕਾਰਜ ਲਈ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਹੁੰਦੀ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਪੂਰੇ ਜ਼ਿਲ੍ਹੇ ਵਿਚ ਮਿਸ਼ਨ ਫਤਿਹ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਆਦਿ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ ਹੈ।