ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਸਰਕਾਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੇ ਸਹਿਯੋਗ ਨਾਲ ਸਹਿਕਾਰਤਾ ਵਿਭਾਗ ਫਿਰੋਜ਼ਪੁਰ ਵੱਲੋਂ ਮਿਸ਼ਨ ਫਤਿਹ ਤਹਿਤ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਿਕਾਰਤਾ ਵਿਭਾਗ ਫਿਰੋਜ਼ਪੁਰ ਦੇ ਡਿਪਟੀ ਰਜਿਸਟਰਾਰ ਵਰਿੰਦਰ ਕੁਮਾਰ ਕੋਛੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਸਹਿਕਾਰਤਾ ਵਿਭਾਗ ਫਿਰੋਜ਼ਪੁਰ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਭਾਵਾਂ ਵੱਲੋਂ ਘਰ-ਘਰ ਜਾ ਕੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਘਰ-ਘਰ ਜਾ ਕੇ ਇਸ ਵਾਇਰਸ ਤੋਂ ਬਚਾਅ ਕਰਨ ਲਈ ਸਾਨੂੰ ਆਪਣੇ ਹੱਥ ਵਾਰ ਵਾਰ ਸਾਬਣ ਨਾਲ ਧੋਣੇ ਚਾਹੀਦੇ ਹਨ, ਮੂੰਹ ਨੂੰ ਮਾਸਕ ਜਾਂ ਕੱਪੜੇ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਬਾਹਰ ਭੀੜ ਵਾਲੀਆਂ ਥਾਵਾਂ ਤੇ ਨਹੀਂ ਜਾਣਾ ਚਾਹੀਦਾ ਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਾਡੇ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ ਇਸ ਲਈ ਕੋਰੋਨਾ ਤੇ ਜਿੱਤ ਪਾਉਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।