ਸਟਾਫ ਰਿਪੋਰਟਰ, ਫਾਜ਼ਿਲਕਾ : ਕੋਵਿਡ ਸੰਕਟ 'ਚ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਪ੍ਰਬੰਧਨ ਕਰਨ ਸਬੰਧੀ ਜ਼ਿਲ੍ਹਾ ਸਦਰ ਮੁਕਾਮ ਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਇਕ ਬੈਠਕ ਕੀਤੀ ਗਈ। ਇਸ ਮੌਕੇ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਨੇ ਕਿਸਾਨਾਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਖੇਤੀ ਸੰਦਾਂ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪੂਰੀ ਤਕਨੀਕੀ ਜਾਣਕਾਰੀ ਦੇਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਅੌਂਕੜ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਵਾਰ ਕੋਵਿਡ ਬਿਮਾਰੀ ਦੇ ਫੈਲਣ ਸਦਕਾ ਸਾਨੂੰ ਹੋਰ ਵੀ ਜਿੰਮੇਵਾਰੀ ਤੋਂ ਕੰਮ ਲੈਣ ਦੀ ਜਰੂਰਤ ਹੈ ਕਿਉਂਕਿ ਕੋਵਿਡ ਵੀ ਸਾਹ ਪ੍ਰਣਾਲੀ ਦੀ ਬਿਮਾਰੀ ਹੈ ਜਿਸ ਦਾ ਸਿੱਧਾ ਅਸਰ ਫੇਫੜਿਆਂ ਤੇ ਪੈਂਦਾ ਹੈ ਅਜਿਹੇ ਵਿਚ ਜੇਕਰ ਪਰਾਲੀ ਸਾੜਨ ਨਾਲ ਧੂੰਆ ਹੋਇਆ ਤਾਂ ਇਸ ਬਿਮਾਰੀ ਤੋਂ ਪੀੜਤ ਲੋਕਾਂ ਲਈ ਇਹ ਬਹੁਤ ਹੀ ਘਾਤਕ ਸਿੱਧ ਹੋ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀ ਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਦੇਣ ਲਈ ਲਾਭਪਾਤਰੀਆਂ ਦੇ ਡ੍ਰਾਅ ਕੱਢੇ ਜਾ ਚੁੱਕੇ ਹਨ ਅਤੇ ਕਿਸਾਨ ਬਲਾਕ ਖੇਤੀਬਾੜੀ ਦਫ਼ਤਰਾਂ ਤੋਂ ਸੂਚੀਆਂ ਵੇਖ ਸਕਦੇ ਹਨ।

ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਅਸੀਂ ਆਪਣੀ ਜਮੀਨ ਦੇ ਬਹੁਮੁੱਲੇ ਖੁਰਾਕੀ ਤੱਕ ਵੀ ਸਾੜ ਬੈਠਦੇ ਹਾਂ ਅਤੇ ਇਸ ਨਾਲ ਸਾਡੇ ਮਿੱਤਰ ਕੀਟ ਵੀ ਮਰ ਜਾਂਦੇ ਹਨ। ਇਸ ਦਾ ਸਾਡੇ ਵਾਤਾਵਰਨ ਤੇ ਵੀ ਮਾੜਾ ਅਸਰ ਪੈਂਦਾ ਹੈ। ੳੋੁਨ੍ਹਾਂ ਨੇ ਕਿਹਾ ਕਿ ਜਿੰਨ੍ਹਾਂ ਕਿਸਾਨਾਂ ਨੇ ਪਿੱਛਲੇ ਸਾਲ ਬਿਨ੍ਹਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕੀਤੀ ਸੀ ਉਨ੍ਹਾਂ ਦੀ ਕਣਕ ਦੀ ਬਹੁਤ ਵਧੀਆ ਪੈਦਾਵਾਰ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਕੰਵਰਜੀਤ ਸਿੰਘ, ਖੇਤੀਬਾੜੀ ਅਧਿਕਾਰੀ ਪਰਮਿੰਦਰ ਸਿੰਘ, ਭੁਪਿੰਦਰ ਕੁਮਾਰ ਆਦਿ ਵੀ ਹਾਜਰ ਸਨ।