ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਵਿਧਾਇਕ ਪਰਮਿੰਦਰ ਪਿੰਕੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਇਸ ਸੰਕਟ ਦੀ ਘੜੀ ਵਿਚ ਗਰੀਬ ਲੋਕਾਂ ਨੂੰ ਆਪਣੀ ਰੋਜ਼ੀ ਰੋਟੀ ਕਮਾਉਣੀ ਅੌਖੀ ਹੋ ਰਹੀ ਹੈ, ਜਿਸ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਹੁਣ ਤੱਕ ਜ਼ਰੂਰਤਮੰਦ ਲੋਕਾਂ ਨੂੰ 50 ਹਜ਼ਾਰ ਫੂਡ ਪੈਕੇਟ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਉਹ ਕਿਸੇ ਵੀ ਘਰ ਵਿਚ ਰਾਸ਼ਨ ਆਦਿ ਨੂੰ ਲੈ ਕੇ ਤੰਗੀ ਨਹੀਂ ਆਉਣ ਦੇਣਗੇ। ਉਨ੍ਹਾਂ ਦੱਸਿਆ ਕਿ ਸਾਨੂੰ ਮੁਸੀਬਤ ਦੀ ਇਸ ਘੜੀ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਲੋਕਾਂ ਤੱਕ ਰਾਹਤ ਪਹੁੰਚਾਉਣ ਦੀ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਵਿਧਾਇਕ ਪਿੰਕੀ ਨੇ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਪੰਜਾਬ ਸਰਕਾਰ ਵੱਲੋਂ ਛੇੜੀ ਗਈ ਇਹ ਜੰਗ ਅਸੀਂ ਸਾਰਿਆਂ ਨੇ ਮਿਲ ਕੇ ਜਿੱਤਣੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਘਰਾਂ ਵਿਚ ਹੀ ਰਹਿਣਾ ਚਾਹੀਦਾ ਹੈ ਤੇ ਜ਼ਰੂਰਤ ਪੈਣ ਤੇ ਘਰ ਤੋਂ ਬਾਹਰ ਨਿਕਲਣਾ ਚਾਹੀਦਾ ਹੈ। ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣਾ ਚਾਹੀਦਾ ਹੈ ਤੇ ਆਪਣੇ ਹੱਥਾਂ ਨੂੰ ਵੀ ਸਮੇਂ ਸਮੇਂ ਤੇ ਸਾਬਣ ਨਾਲ ਧੋਣਾ ਚਾਹੀਦਾ ਹੈ ਤੇ ਸੈਨੇਟਾਈਜ਼ ਕਰਨਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਲੋਕ ਉਨ੍ਹਾਂ ਲਈ ਇਕ ਪਰਿਵਾਰ ਦੀ ਤਰ੍ਹਾਂ ਹਨ ਅਤੇ ਸੰਕਟ ਦੀ ਇਸ ਘੜੀ ਵਿਚ ਉਹ ਆਪਣੇ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਲੋਕਾਂ ਨੂੰ ਰਾਸ਼ਨ ਤੇ ਖਾਣ ਦਾ ਸਮਾਨ ਆਦਿ ਦੇ ਮਾਮਲੇ ਵਿਚ ਕਿਸੇ ਵੀ ਕੀਮਤ 'ਤੇ ਤੰਗੀ ਨਹੀਂ ਸਹਿਣ ਦੇਣਗੇ।