ਬਗੀਚਾ ਸਿੰਘ, ਮਮਦੋਟ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਦੇ ਖਿਲਾਫ ਜੋ ਤਿੰਨੇ ਬਿੱਲ ਕੇਂਦਰ ਸਰਕਾਰ ਨੇ ਪਾਸ ਕੀਤੇ ਸਨ, ਉਨ੍ਹਾਂ ਦੇ ਵਿਰੋਧ ਪੰਜਾਬ ਦੀ ਅਸੈਂਬਲੀ ਵਿਚ ਕਿਸਾਨਾਂ ਦੇ ਹੱਕ ਵਿਚ ਇਤਿਹਾਸਿਕ ਬਿੱਲ ਪਾਸ ਕਰਕੇ ਕਿਸਾਨਾਂ ਨੂੰ ਤਬਾਹ ਹੋਣ ਤੋਂ ਬਚਾ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਰਵੈਰ ਸਿੰਘ ਕਿਲੀ ਸਰਪੰਚ ਅਤੇ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਮੰਡੀ ਲੱਖੋਕੇ ਬਹਿਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਦੂਜੀ ਵਾਰ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਕਾਂਗਰਸ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਬਿੱਲ ਪਾਸ ਹੋਣ ਨਾਲ ਕਿਸਾਨਾਂ ਨੂੰ ਪੂਰੀ ਰਾਹਤ ਮਿਲੇਗੀ, ਕੋਈ ਵਪਾਰੀ ਜੋ ਐੱਮਐੱਸਪੀ ਘੱਟ ਖਰੀਦੇਗਾ, ਉਸ ਨੂੰ ਇਸ ਕਾਨੂੰਨ ਦੇ ਤਹਿਤ ਸਜ਼ਾ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਿੱਲ ਪਾਸ ਹੋਣ 'ਤੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।