ਫ਼ਿਰੋਜ਼ਪੁਰ ’ਚ ਨਗਰ ਕੌਂਸਲ ਦੀ ਵੱਡੀ ਕਾਰਵਾਈ, ਪ੍ਰਾਪਰਟੀ ਟੈਕਸ ਨਾ ਭਰਨ ’ਤੇ ਐਡੀਡਾਸ ਸ਼ੋਅਰੂਮ ਸਮੇਤ ਕਈ ਯੂਨਿਟ ਸੀਲ ਫ਼ਿਰੋਜ਼ਪੁਰ ਵਿੱਚ ਨਗਰ ਕੌਂਸਲ ਦੀ ਵੱਡੀ ਕਾਰਵਾਈ, ਪ੍ਰਾਪਰਟੀ ਟੈਕਸ ਨਾ ਭਰਨ ’ਤੇ ਐਡੀਡਾਸ ਸ਼ੋਅਰੂਮ ਸਮੇਤ ਕਈ ਯੂਨਿਟ ਸੀਲ
Publish Date: Wed, 25 Nov 2026 05:13 PM (IST)
Updated Date: Wed, 25 Nov 2026 05:16 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਸਥਾਨਕ ਨਗਰ ਕੌਂਸਲ ਵੱਲੋਂ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਨ੍ਹਾਂ ਜਾਇਦਾਦਾਂ ਅਤੇ ਵਪਾਰਕ ਅਦਾਰਿਆਂ ਵੱਲ ਇਕ ਸਾਲ, ਦੋ ਸਾਲ ਜਾਂ ਦੋ ਸਾਲ ਤੋਂ ਵੱਧ ਸਮੇਂ ਦਾ ਪ੍ਰਾਪਰਟੀ ਟੈਕਸ ਬਕਾਇਆ ਪਿਆ ਹੈ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸੀਲਿੰਗ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਕਾਰਵਾਈ ਤਹਿਤ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ’ਤੇ ਐਡੀਡਾਸ ਸ਼ੋਅਰੂਮ ਨੂੰ ਸੀਲ ਕੀਤਾ ਗਿਆ ਹੈ। ਨਗਰ ਕੌਂਸਲ ਦੇ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਅਮਿੰਦਰ ਪਾਲ ਸਿੰਘ ਦੀ ਅਗਵਾਈ ਅਤੇ ਉਨ੍ਹਾਂ ਦੇ ਆਦੇਸ਼ਾਂ ਹੇਠ ਕੀਤੀ ਜਾ ਰਹੀ ਹੈ। ਟੀਮ ਵਿਚ ਨਗਰ ਕੌਂਸਲ ਦੇ ਸੁਪਰਡੈਂਟ, ਇੰਸਪੈਕਟਰ, ਐੱਸਡੀਓ, ਜੇਈ ਹੋਰ ਕਰਮਚਾਰੀਆਂ ਦੀ ਪੂਰੀ ਟੀਮ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਯੂਨਿਟਾਂ ਵੱਲ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਦਾ ਟੈਕਸ ਬਕਾਇਆ ਹੈ, ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲਾਂ ਵੀ ਬੈਂਕ ਆਫ਼ ਇੰਡੀਆ ਅਤੇ ਹੋਰ ਥਾਵਾਂ ’ਤੇ ਕਾਰਵਾਈ ਕਰਦਿਆਂ ਕਈ ਯੂਨਿਟਾਂ ਤੇ ਰੈਜ਼ੀਡੈਂਸ ਆਦਿ ਨੂੰ ਸੀਲ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਗਰੈਂਡ ਵਿਲਾ ਹੋਟਲ/ਪੈਲੇਸ ਮਾਮਲੇ ਵਿਚ ਵੀ ਬਕਾਇਆ ਟੈਕਸ ਦੀ ਵਸੂਲੀ ਲਈ ਕਾਰਵਾਈ ਅਤੇ ਗੱਲਬਾਤ ਚੱਲ ਰਹੀ ਹੈ, ਜਿਸ ਵੱਲ ਕਰੀਬ 7 ਲੱਖ ਰੁਪਏ ਤੋਂ ਵੱਧ ਦਾ ਪ੍ਰਾਪਰਟੀ ਟੈਕਸ ਬਕਾਇਆ ਦੱਸਿਆ ਜਾ ਰਿਹਾ ਹੈ। ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਅਜਿਹੀਆਂ ਦਰਜਨਾਂ ਪ੍ਰਾਪਰਟੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਪਹਿਲਾਂ ਡਿਮਾਂਡ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ, ਨੋਟੀਫ਼ਿਕੇਸ਼ਨ ਭੇਜੇ ਗਏ ਹਨ ਅਤੇ ਫ਼ੋਨ ਕਾਲਾਂ ਰਾਹੀਂ ਵੀ ਟੈਕਸ ਜਮ੍ਹਾ ਕਰਵਾਉਣ ਲਈ ਸੁਚੇਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸਮੂਹ ਟੈਕਸਦਾਤਾਵਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦਾ ਵੀ ਪ੍ਰਾਪਰਟੀ ਟੈਕਸ ਬਣਦਾ ਹੈ, ਉਹ ਆਪਣਾ ਟੈਕਸ ਸਮੇਂ ਸਿਰ ਜਮ੍ਹਾ ਕਰਵਾਉਣ, ਨਹੀਂ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਜਾਰੀ ਰਹੇਗੀ।