ਮਖੂ ਫਲਾਈਓਵਰ ਬਣਿਆ ਫਜ਼ੀਹਤ ਦਾ ਕਾਰਨ, ਬੀਕੇਯੂ ਪੰਜਾਬ ਵੱਲੋ 20 ਨੂੰ ਹਾਈਵੇਅ ਜਾਮ ਕਰਨ ਦੀ ਚਿਤਾਵਨੀ ਮਖੂ ਫਲਾਈਓਵਰ ਬਣਿਆ ਫਜ਼ੀਹਤ ਦਾ ਕਾਰਨ, ਬੀਕੇਯੂ ਪੰਜਾਬ ਵੱਲੋ 20 ਜੁਲਾਈ ਨੂੰ ਹਾਈਵੇਅ ਜਾਮ ਕਰਨ ਦੀ ਚੇਤਾਵਨੀ
Publish Date: Fri, 17 Jul 2026 03:57 PM (IST)
Updated Date: Fri, 17 Jul 2026 04:01 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸ੍ਰੀ ਅੰਮ੍ਰਿਤਸਰ ਸਾਹਿਬ-ਬਠਿੰਡਾ ਨੈਸ਼ਨਲ ਹਾਈਵੇਅ-54 ’ਤੇ ਮਖੂ ਵਿਖੇ ਚੱਲ ਰਹੇ ਫਲਾਈਓਵਰ ਦੇ ਨਿਰਮਾਣ ਕਾਰਜ ਹੁਣ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਗਏ ਹਨ। ਬਿਨਾਂ ਕਿਸੇ ਢੁੱਕਵੇਂ ਡਾਇਵਰਸ਼ਨ ਅਤੇ ਸਰਵਿਸ ਰੋਡ ਦੇ ਸ਼ੁਰੂ ਕੀਤੇ ਗਏ, ਇਸ ਪ੍ਰੋਜੈਕਟ ਨੇ ਨਾ ਸਿਰਫ਼ ਆਵਾਜਾਈ ਪ੍ਰਬੰਧ ਨੂੰ ਪ੍ਰਭਾਵਿਤ ਕੀਤਾ ਹੈ, ਸਗੋਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਵੀ ਸੰਕਟ ਵਿੱਚ ਧੱਕ ਦਿੱਤਾ ਹੈ। ਹਾਲਾਤਾਂ ਤੋਂ ਖਫ਼ਾ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਪੰਜਾਬ ਨੇ 20 ਜੁਲਾਈ ਨੂੰ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਚੇਤਾਵਨੀ ਦੇ ਕੇ ਪ੍ਰਸ਼ਾਸਨ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ ਅਤੇ ਕੋਰ ਕਮੇਟੀ ਮੈਂਬਰ ਪੰਜਾਬ ਪ੍ਰਗਟ ਸਿੰਘ ਲਹਿਰਾ ਨੇ ਸਾਂਝੇ ਬਿਆਨ ਰਾਹੀਂ ਪ੍ਰਸ਼ਾਸਨ ਅਤੇ ਸਬੰਧਤ ਠੇਕੇਦਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਆਗੂਆਂ ਦਾ ਦੋਸ਼ ਹੈ ਕਿ ਨੈਸ਼ਨਲ ਹਾਈਵੇਅ ਉੱਤੇ ਬਿਨਾਂ ਕਿਸੇ ਬਦਲਵੇਂ ਰਸਤੇ ਜਾਂ ਸਰਵਿਸ ਰੋਡ ਦੇ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਗਏ, ਜਿਸ ਕਾਰਨ ਸੜਕ ਵੱਡੇ-ਵੱਡੇ ਖੱਡਿਆਂ ਵਿੱਚ ਤਬਦੀਲ ਹੋ ਚੁੱਕੀ ਹੈ ਅਤੇ ਉੱਡ ਰਹੀ ਧੂੜ-ਮਿੱਟੀ ਨੇ ਲੋਕਾਂ ਦਾ ਲੰਘਣਾ ਤੱਕ ਮੁਸ਼ਕਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟੁੱਟੀ ਅਤੇ ਖਸਤਾ ਹਾਲ ਸੜਕ ਕਾਰਨ ਟਰੱਕਾਂ, ਟਰਾਲੀਆਂ ਅਤੇ ਹੋਰ ਵਾਹਨਾਂ ਦੀ ਰਫ਼ਤਾਰ ਬਹੁਤ ਹੌਲੀ ਹੋ ਗਈ ਹੈ, ਜਿਸ ਦਾ ਫਾਇਦਾ ਚੁੱਕਦਿਆਂ ਸ਼ਰਾਰਤੀ ਅਨਸਰਾਂ ਵੱਲੋਂ ਟਰੱਕਾਂ ਵਿੱਚੋਂ ਸਾਮਾਨ ਚੋਰੀ ਕਰਨ ਦੀਆਂ ਘਟਨਾਵਾਂ ਵੀ ਵੱਧ ਰਹੀਆਂ ਹਨ। ਇਸ ਨਾਲ ਵਪਾਰੀਆਂ ਅਤੇ ਟਰਾਂਸਪੋਰਟਰਾਂ ਵਿੱਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲ ਮਖੂ ਵਾਲੇ ਰਸਤੇ ’ਤੇ ਸਥਿਤ ਰੇਲਵੇ ਫਾਟਕ ਦੇ ਲੰਮੇ ਸਮੇਂ ਤੋਂ ਮੁਰੰਮਤ ਲਈ ਬੰਦ ਹੋਣ ਕਾਰਨ ਮੱਖੂ ਵਾਸੀਆਂ ਨੂੰ ਇਸੇ ਖਸਤਾ ਹਾਲ ਸੜਕ ਰਾਹੀਂ ਆਵਾਜਾਈ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਫਾਟਕ ਬੰਦ ਹੋਣ ਦੌਰਾਨ ਵਾਹਨਾਂ ਦੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ, ਜਿਸ ਕਾਰਨ ਸਕੂਲੀ ਵਿਦਿਆਰਥੀਆਂ, ਵਪਾਰੀਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਫੁਰਮਾਨ ਸਿੰਘ ਸੰਧੂ, ਗੈਰੀ ਸਿੰਘ ਬੰਡਾਲਾ ਅਤੇ ਪ੍ਰਗਟ ਸਿੰਘ ਲਹਿਰਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸਬੰਧਤ ਠੇਕੇਦਾਰ ਵੱਲੋਂ ਤੁਰੰਤ ਸੜਕ ਦੀ ਮੁਰੰਮਤ, ਧੂੜ-ਮਿੱਟੀ ਤੋਂ ਰਾਹਤ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਾਂ ਲਈ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ 20 ਜੁਲਾਈ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸੇਮ ਨਾਲਾ ਪੁਲ (ਮੱਖੂ) ਵਿਖੇ ਵਿਸ਼ਾਲ ਧਰਨਾ ਦੇ ਕੇ ਨੈਸ਼ਨਲ ਹਾਈਵੇਅ ਉੱਤੇ ਆਵਾਜਾਈ ਮੁਕੰਮਲ ਤੌਰ ’ਤੇ ਠੱਪ ਕਰ ਦਿੱਤੀ ਜਾਵੇਗੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਅਜਿਹੀ ਸਥਿਤੀ ਵਿੱਚ ਪੈਦਾ ਹੋਣ ਵਾਲੇ ਹਾਲਾਤਾਂ ਦੀ ਪੂਰੀ ਜ਼ਿੰਮੇਵਾਰੀ ਸ਼ਾਸਨ ਅਤੇ ਪ੍ਰਸ਼ਾਸਨ ਦੀ ਹੋਵੇਗੀ।