ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਮੱਲਾਂਵਾਲਾ ਮੁਕੰਮਲ ਬੰਦ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਮੱਲਾਂਵਾਲਾ ਮੁਕੰਮਲ ਬੰਦ
Publish Date: Thu, 15 Oct 2026 04:24 PM (IST)
Updated Date: Fri, 16 Oct 2026 04:00 AM (IST)
ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ, ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ, ਮੱਲਾਂਵਾਲਾ : ਪਿਛਲੇ ਲੰਮੇ ਸਮੇਂ ਤੋਂ ਨਸ਼ੇ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਸੱਤ ਮੈਂਬਰੀ ਕਮੇਟੀ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਕਸਬਾ ਮੱਲਾਂਵਾਲਾ ਦੇ ਮੇਨ ਚੌਕ ਵਿਖੇ ਸਮਾਜਿਕ, ਧਾਰਮਿਕ ਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੱਲਾਂਵਾਲਾ ਦੇ ਦੁਕਾਨਦਾਰਾਂ ਅਤੇ ਲੋਕਾਂ ਨੇ ਬੰਦ ਨੂੰ ਪੂਰਨ ਸਹਿਯੋਗ ਦਿੱਤਾ ਅਤੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਮਾਰਚ ਵਿੱਚ ਸ਼ਮੂਲੀਅਤ ਕੀਤੀ। ਰੋਸ ਮਾਰਚ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਬੁਲਾਰਿਆਂ ਨੇ ਮਾਮਲੇ ਵਿੱਚ ਕਥਿਤ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਮੰਤਰੀ ਤੋਂ ਵੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਕੀਤੀ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਪਰਮਿੰਦਰ ਸਿੰਘ ਝੋਟੇ ਦੀ ਸੋਚ ਨੂੰ ਅੱਗੇ ਲੈ ਕੇ ਜਾਣਗੇ ਅਤੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਤੌਰ ’ਤੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ’ਚ ਇਨਸਾਫ਼ ਦਿਵਾਉਣ ਲਈ ਜਿੰਨਾ ਸਮਾਂ ਵੀ ਸੰਘਰਸ਼ ਜਾਰੀ ਰਹੇਗਾ, ਉਹ ਸੱਤ ਮੈਂਬਰੀ ਕਮੇਟੀ ਦਾ ਪੂਰਨ ਸਾਥ ਦੇਣਗੇ। ਰੋਸ ਮਾਰਚ ਵਿੱਚ ਗੁਰਮਤਿ ਪ੍ਰਚਾਰ ਜਥੇ ਦੇ ਸੰਸਥਾਪਕ ਬਾਬਾ ਬਲਕਾਰ ਸਿੰਘ ਜੀ ਇਲਮੇਵਾਲਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮਾਸਟਰ ਕੁਲਦੀਪ ਸਿੰਘ, ਹਰਫੂਲ ਸਿੰਘ ਅਤੇ ਡਾ. ਕੁਲਜੀਤ ਸਿੰਘ, ਬੀਕੇਯੂ ਕ੍ਰਾਂਤੀਕਾਰੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਵਾਰਿਸ ਪੰਜਾਬ ਜਥੇਬੰਦੀ ਦੇ ਬਲਾਕ ਪ੍ਰਧਾਨ ਸਰਦਾਰ ਕਾਬਲ ਸਿੰਘ ਬੂਟੇ ਵਾਲਾ, ਗੁਰਸ਼ਾਨ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੌੜਾ, ਪੰਜਾਬ ਸਕੱਤਰ ਮਨਮੋਹਨ ਸਿੰਘ ਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।