ਕਾਰੋਬਾਰੀ ਦੇ ਘਰ ’ਤੇ ਫ਼ਾਇਰਿੰਗ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ ਮਮਦੋਟ ਪੁਲਿਸ ਨੇ ਕਾਰੋਬਾਰੀ ਦੇ ਘਰ ’ਤੇ ਫ਼ਾਇਰਿੰਗ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ
Publish Date: Thu, 26 Nov 2026 07:01 PM (IST)
Updated Date: Fri, 27 Nov 2026 04:08 AM (IST)
ਵਾਰਦਾਤ ’ਚ ਵਰਤਿਆ ਪਿਸਤੌਲ, ਸਪਲੈਂਡਰ ਮੋਟਰਸਾਈਕਲ ਤੇ ਦੋ ਹੈਲਮਟ ਬਰਾਮਦ, ਦੂਜੇ ਸਾਥੀ ਦੀ ਭਾਲ ਜਾਰੀ ਬਗੀਚਾ ਸਿੰਘ ਪੰਜਾਬੀ ਜਾਗਰਣ, ਮਮਦੋਟ : ਬੀਤੇ ਦਿਨੀਂ ਸਥਾਨਕ ਕਸਬਾ ਮਮਦੋਟ ਦੇ ਵਸਨੀਕ ਕਾਰੋਬਾਰੀ ਮੁਨੀਸ਼ ਚੌਪੜਾ ਦੇ ਘਰ ’ਤੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਵਾਲੇ ਗਿਰੋਹ ਦੇ ਇੱਕ ਕਥਿਤ ਮੁਲਜ਼ਮ ਨੂੰ ਥਾਣਾ ਮਮਦੋਟ ਦੀ ਪੁਲਿਸ ਨੇ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਵਾਰਦਾਤ ਸਮੇਂ ਵਰਤਿਆ ਗਿਆ ਹਥਿਆਰ ਅਤੇ ਵਾਹਨ ਵੀ ਬਰਾਮਦ ਕਰ ਲਿਆ ਹੈ, ਜਦਕਿ ਇਸ ਘਟਨਾ ਵਿੱਚ ਸ਼ਾਮਲ ਦੂਜੇ ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਕਿਰਤ ਸਿੰਘ ਨੇ ਦੱਸਿਆ ਕਿ ਕਾਰੋਬਾਰੀ ਮੁਨੀਸ਼ ਚੌਪੜਾ ਵੱਲੋਂ ਆਪਣੇ ਘਰ ’ਤੇ ਹੋਈ ਫ਼ਾਇਰਿੰਗ ਦੀ ਘਟਨਾ ਬਾਰੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਸਨ। ਇਨ੍ਹਾਂ ਬਿਆਨਾਂ ਦੇ ਆਧਾਰ ਤੇ ਥਾਣਾ ਮਮਦੋਟ ਵਿਖੇ ਕੇਸ ਦਰਜ ਕਰਕੇ ਤਫ਼ਤੀਸ਼ ਆਰੰਭੀ ਗਈ ਸੀ। ਵਾਰਦਾਤ ਵਾਲੇ ਦਿਨ ਤੋਂ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਲਜ਼ਮਾਂ ਦਾ ਸੁਰਾਗ ਲਗਾਉਣ ਲਈ ਪੂਰੀ ਮੁਸਤੈਦੀ ਨਾਲ ਭਾਲ ਕੀਤੀ ਜਾ ਰਹੀ ਸੀ। ਇੰਸਪੈਕਟਰ ਗੁਰਕਿਰਤ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸਹਾਇਕ ਥਾਣੇਦਾਰ ਸੁਖਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਜਦੋਂ ਪੁਲਿਸ ਟੀਮ ਪਿੰਡ ਲੇਲੀਵਾਲਾ ਨੇੜੇ ਪੁੱਜੀ, ਤਾਂ ਉੱਥੇ ਮੌਜੂਦ ਇੱਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਸ਼ੱਕ ਪੈਣ ’ਤੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਸ ਨੂੰ ਘੇਰਾ ਪਾ ਕੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਬੋਹੜਾ ਵਾਸੀ ਨੌਰੰਗ ਕੇ ਲੇਲੀ ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਮੁਲਜ਼ਮ ਪਾਸੋਂ ਵਾਰਦਾਤ ਵਿੱਚ ਵਰਤਿਆ ਗਿਆ ਇੱਕ ਪਿਸਤੌਲ, ਇੱਕ ਸਪਲੈਂਡਰ ਮੋਟਰਸਾਈਕਲ ਅਤੇ ਦੋ ਹੈਲਮਟ ਬਰਾਮਦ ਕੀਤੇ ਗਏ ਹਨ। ਐੱਸ.ਐੱਚ.ਓ. ਗੁਰਕਿਰਤ ਸਿੰਘ ਨੇ ਭਰੋਸਾ ਦਿਵਾਇਆ ਕਿ ਇਸ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਦੂਜੇ ਸਾਥੀ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।