ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਮਮਦੋਟ ਪੂਰਨ ਤੌਰ ’ਤੇ ਰਿਹਾ ਬੰਦ, ਬਾਜ਼ਾਰਾਂ ’ਚ ਪਸਰਿਆ ਸੰਨਾਟਾ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਮਮਦੋਟ ਪੂਰਨ ਤੌਰ ’ਤੇ ਰਿਹਾ ਬੰਦ, ਬਾਜ਼ਾਰਾਂ ਵਿੱਚ ਪਸਰਿਆ ਸੰਨਾਟਾ
Publish Date: Thu, 30 Jul 2026 05:09 PM (IST)
Updated Date: Thu, 30 Jul 2026 05:10 PM (IST)
- ਬਰਨਾਲਾ ’ਚ ਸਫ਼ਾਈ ਸੇਵਕਾਂ ’ਤੇ ਹੋਏ ਅੱਤਿਆਚਾਰ ਤੇ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਚਿਤਾਵਨੀ ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਸਫ਼ਾਈ ਸੇਵਕ ਯੂਨੀਅਨ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ’ਤੇ ਮਮਦੋਟ ਵਿਚ ਪੂਰਨ ਹੜਤਾਲ ਦੇਖਣ ਨੂੰ ਮਿਲੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਬਰਨਾਲਾ ਵਿਖੇ ਡੀਐੱਸਪੀ ਵੱਲੋਂ ਸਫ਼ਾਈ ਕਰਮਚਾਰੀਆਂ ’ਤੇ ਕੀਤੇ ਗਏ ਅੱਤਿਆਚਾਰ ਵਿਰੁੱਧ ਯੂਨੀਅਨਾਂ ਨੇ ਜ਼ੋਰਦਾਰ ਰੋਸ ਮਾਰਚ ਕੱਢ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਮਮਦੋਟ ਵਿਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਹੜਤਾਲ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਦੁਕਾਨਦਾਰਾਂ ਸਮੇਤ ਸਮੂਹ ਜਥੇਬੰਦੀਆਂ ਨੇ ਇਸ ਬੰਦ ਨੂੰ ਪੂਰਨ ਸਮਰਥਨ ਦਿੱਤਾ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨਾਲ ਯੂਨੀਅਨ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ ਦੀਆਂ ਹੋਈਆਂ ਕਈ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਅਣਗੌਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਮਜਬੂਰਨ ਇਹ ਪੰਜਾਬ ਬੰਦ ਦਾ ਸੱਦਾ ਦੇਣਾ ਪਿਆ ਹੈ। ਯੂਨੀਅਨ ਆਗੂਆਂ ਨੇ ਸਰਕਾਰ ਅੱਗੇ ਮੁੱਖ ਮੰਗਾਂ ਰੱਖਦਿਆਂ ਆਖਿਆ ਕਿ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕੱਚੇ ਸਫ਼ਾਈ ਸੇਵਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਅੱਤਿਆਚਾਰ ਕਰਨ ਵਾਲੇ ਸਬੰਧਿਤ ਡੀਐੱਸਪੀ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ (ਡਿਸਮਿਸ) ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਵਿੱਚ ਸ਼ਾਮਲ ਵੱਖ-ਵੱਖ ਭਾਈਚਾਰਕ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਵੀ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਂਦਿਆਂ ਉਨ੍ਹਾਂ ਦਾ ਪੂਰਨ ਸਮਰਥਨ ਕੀਤਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਤੋਂ ਜਲਦ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਨਾ ਕੀਤਾ, ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ। ਇਸ ਦੌਰਾਨ ਹੋਣ ਵਾਲੇ ਕਿਸੇ ਵੀ ਪ੍ਰਸ਼ਾਸਨਿਕ ਨੁਕਸਾਨ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।