- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਦੇ ਕਈ ਮੌਜੂਦਾ ਵਿਧਾਇਕ ਕਾਂਗਰਸ ਦਾ ਫੜਨਗੇ ਪੱਲਾ : ਕੁਲਬੀਰ ਸਿੰਘ ਜ਼ੀਰਾ

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ
ਜ਼ੀਰਾ : ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਸਮੇਂ ਦੌਰਾਨ ਵੱਡੇ ਫੇਰਬਦਲ ਹੋਣ ਦੇ ਸੰਕੇਤ ਦਿੰਦਿਆਂ ਦਾਅਵਾ ਕੀਤਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਅਜਿਹੇ ਸਿਆਸੀ ਝਟਕੇ ਲੱਗ ਸਕਦੇ ਹਨ, ਜਿਨ੍ਹਾਂ ਦਾ ਅਸਰ ਸੂਬੇ ਦੇ ਸਿਆਸੀ ਸਮੀਕਰਨਾਂ ’ਤੇ ਸਾਫ਼ ਦਿਖਾਈ ਦੇਵੇਗਾ। ਉਨ੍ਹਾਂ ਅਨੁਸਾਰ ਸੱਤਾਧਾਰੀ ਪਾਰਟੀ ਦੇ ਕਈ ਮੌਜੂਦਾ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਸਕਦੇ ਹਨ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸੱਤਾਧਾਰੀ ਧਿਰ ਅੰਦਰ ਸਭ ਕੁਝ ਠੀਕ ਹੋਣ ਦੇ ਦਾਅਵਿਆਂ ਦੇ ਬਾਵਜੂਦ ਆਗੂਆਂ ਵਿੱਚ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਬੇਚੈਨੀ ਵਧ ਰਹੀ ਹੈ। ਖ਼ਾਸ ਕਰਕੇ ਅਗਲੀਆਂ ਚੋਣਾਂ ਦੌਰਾਨ ਪਾਰਟੀ ਦੀ ਟਿਕਟ ਮਿਲਣ ਜਾਂ ਨਾ ਮਿਲਣ ਦੇ ਸਵਾਲ ਨੇ ਕਈ ਵਿਧਾਇਕਾਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਪਾਰਟੀ ਲਈ ਲੰਮਾ ਸਮਾਂ ਮਿਹਨਤ ਕੀਤੀ ਅਤੇ ਲੋਕਾਂ ਵਿੱਚ ਆਪਣੀ ਪਛਾਣ ਬਣਾਈ, ਜੇਕਰ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਰਨ ਦਾ ਮੌਕਾ ਮਿਲਣ ਬਾਰੇ ਹੀ ਅਨਿਸ਼ਚਿਤਤਾ ਬਣੀ ਰਹੇ ਤਾਂ ਉਨ੍ਹਾਂ ਦਾ ਦੂਜੇ ਸਿਆਸੀ ਬਦਲਾਂ ਵੱਲ ਦੇਖਣਾ ਸੁਭਾਵਿਕ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ ਅਤੇ ਪਾਰਟੀ ਦਾ ਜਥੇਬੰਦਕ ਢਾਂਚਾ ਵੀ ਚੋਣਾਂ ਦੇ ਮੱਦੇਨਜ਼ਰ ਸਰਗਰਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਸੱਤਾਧਾਰੀ ਪਾਰਟੀ ਦੇ ਕਈ ਚਿਹਰੇ ਕਾਂਗਰਸ ਨਾਲ ਜੁੜ ਸਕਦੇ ਹਨ, ਜਿਸ ਨਾਲ ਸੂਬੇ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਹੋਵੇਗੀ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਕਈ ਅਹਿਮ ਫੈਸਲਿਆਂ ਤੇ ਤਬਦੀਲੀਆਂ ਦੀ ਗਵਾਹ ਬਣ ਸਕਦੀ ਹੈ।