
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬੰਦੀ ਸਿੰਘਾਂ ਦੀ ਰਿਹਾਈ ਲਈ ਮਾਤਾ ਸਾਹਿਬ ਕੌਰ ਖਾਲਸਾ ਕਾਲਜ ’ਚ ਸਮੂਹਿਕ ਅਰਦਾਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵੰਡੀ ਭਾਈ : ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਸਮੂਹਿਕ ਅਰਦਾਸ ਕਰਵਾਈ ਗਈ। ਸਮਾਗਮ ਦੌਰਾਨ ਕਾਲਜ ਦੇ ਸਮੂਹ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਵਿੱਚ ਸ਼ਮੂਲੀਅਤ ਕੀਤੀ। ਪਾਠ ਦੀ ਸੰਪੂਰਨਤਾ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ, ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਸਮੁੱਚੀ ਸਿੱਖ ਕੌਮ ਦੀ ਭਲਾਈ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਰਾਜਵਿੰਦਰ ਕੌਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖ ਪੰਥ ਨਾਲ ਡੂੰਘੇ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਨੌਜਵਾਨ ਪੀੜ੍ਹੀ ਨੂੰ ਸਹੀ ਇਤਿਹਾਸਕ ਜਾਣਕਾਰੀ ਦੇਣਾ ਜ਼ਰੂਰੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਈ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਆਪਣੇ ਵਿਰਸੇ, ਸਿੱਖ ਇਤਿਹਾਸ ਅਤੇ ਪੰਥਕ ਮਸਲਿਆਂ ਬਾਰੇ ਵੀ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਅਰਦਾਸ ਰਾਹੀਂ ਸੰਗਤ ਆਪਣੀਆਂ ਭਾਵਨਾਵਾਂ ਗੁਰੂ ਮਹਾਰਾਜ ਦੇ ਚਰਨਾਂ ਵਿਚ ਸਮਰਪਿਤ ਕਰਦੀ ਹੈ ਅਤੇ ਚੜ੍ਹਦੀ ਕਲਾ ਦੀ ਕਾਮਨਾ ਕਰਦੀ ਹੈ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਹਾਜ਼ਰੀ ਭਰਦਿਆਂ ਪੰਥਕ ਏਕਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।