ਰਿਟਾਇਰਡ ਟੀਚਰ ਤੇ ਹੋਰ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਚਾਰੇ ਮਸਲੇ
ਰਿਟਾਇਰਡ ਟੀਚਰ ਅਤੇ ਹੋਰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਿਰੋਜ਼ਪੁਰ ਦੀ ਮੀਟਿੰਗ ਹੋਈ
Publish Date: Sun, 01 Mar 2026 03:41 PM (IST)
Updated Date: Sun, 01 Mar 2026 03:43 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਥਾਨਕ ਚੁੰਗੀਖਾਨਾ ਰੋਡ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ‘ਰਿਟਾਇਰਡ ਟੀਚਰ ਅਤੇ ਹੋਰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫਿਰੋਜ਼ਪੁਰ’ ਦੀ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਨਛੱਤਰ ਸਿੰਘ ਅਤੇ ਜਨਰਲ ਸਕੱਤਰ ਰਮੇਸ਼ ਕੁਮਾਰ ਗਰੋਵਰ ਨੇ ਸਾਂਝੇ ਤੌਰ ’ਤੇ ਕੀਤੀ। ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਐਸੋਸੀਏਸ਼ਨ ਦੇ ਆਗੂਆਂ ਨੇ ਕਿ ਸਰਕਾਰ ਪੈਨਸ਼ਨਰਾਂ ਨਾਲ ਸਿਰਫ ਮੀਟਿੰਗਾਂ ਦੇ ਸਮੇਂ ਤੈਅ ਕਰਕੇ ਗੱਲਬਾਤ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡੀਏ ਦੀ ਬਕਾਇਆ ਕਿਸ਼ਤ, ਪੈਨਸ਼ਨਰਾਂ ਦਾ ਰੁਕਿਆ ਹੋਇਆ 16 ਪ੍ਰਤੀਸ਼ਤ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ। ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ। 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਪੂਰਾ ਹੋਵੇ। 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਲਾਭ ਦਿੱਤੇ ਜਾਣ। ਵੱਧਦੀ ਮਹਿੰਗਾਈ ਨੂੰ ਦੇਖਦੇ ਹੋਏ ਮੈਡੀਕਲ ਭੱਤਾ ਵਧਾ ਕੇ 2000 ਰੁਪਏ ਮਹੀਨਾ ਕੀਤਾ ਜਾਵੇ। ਮੀਟਿੰਗ ਵਿਚ ਜਥੇਬੰਦੀ ਨੇ ਆਪਣੇ ਸਾਥੀਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਫਰਵਰੀ ਮਹੀਨੇ ਵਿਚ ਜਨਮ ਦਿਨ ਮਨਾਉਣ ਵਾਲੇ ਪੈਨਸ਼ਨਰਾਂ, ਜਿਨ੍ਹਾਂ ਵਿਚ ਬਨਾਰਸੀ ਦਾਸ ਸਚਦੇਵਾ ਅਤੇ ਰਮੇਸ਼ ਚੰਦਰ ਬਜਾਜ ਸ਼ਾਮਲ ਸਨ, ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਪਾਲ ਸਿੰਘ, ਬ੍ਰਿਜ ਭੂਸ਼ਨ ਧਵਨ, ਜੋਗਾ ਸਿੰਘ, ਰਾਜਿੰਦਰ ਗੁਪਤਾ, ਬਲਵਿੰਦਰਪਾਲ ਸ਼ਰਮਾ, ਬਚਿੱਤਰ ਸਿੰਘ ਅਤੇ ਯਸ਼ਪਾਲ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਮੌਜ਼ੂਦ ਸਨ।