ਸਾਂਝਾ ਪੰਜਾਬ ਮੋਰਚਾ ਦੇ ਪ੍ਰੋਗਰਾਮ ’ਚ ਸ਼ਮੂਲ ਹੋਵੇਗੀ ਕੇਕੇਯੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਹੋਈ
Publish Date: Sat, 26 Sep 2026 04:42 PM (IST)
Updated Date: Sat, 26 Sep 2026 04:45 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਅਤੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਫੈਸਲੇ ਲਏ ਗਏ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ 3 ਅਕਤੂਬਰ ਨੂੰ ਸਾਂਝਾ ਪੰਜਾਬ ਮੋਰਚਾ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸਰਗਰਮੀ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਸਬੰਧਤ ਸਾਂਝੇ ਮਸਲਿਆਂ ਨੂੰ ਲੈ ਕੇ ਜਥੇਬੰਦਕ ਏਕਤਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਪਿਛਲੇ ਦਿਨੀਂ ਖੁਦਕੁਸ਼ੀ ਕਰਨ ਵਾਲੇ ਗੁਰਜੰਟ ਸਿੰਘ ਦੇ ਮਾਮਲੇ ’ਤੇ ਵੀ ਵਿਚਾਰ ਕੀਤਾ ਗਿਆ। ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ ਇਸ ਕੇਸ ਸਬੰਧੀ ਐੱਸ.ਐੱਸ.ਪੀ ਫਿਰੋਜ਼ਪੁਰ ਨਾਲ ਆਗੂਆਂ ਦਾ ਵਫ਼ਦ ਮੁਲਾਕਾਤ ਕਰੇਗਾ ਅਤੇ ਕੇਸ ਦਾ ਚਲਾਨ ਜਲਦ ਤੋਂ ਜਲਦ ਅਦਾਲਤ ਵਿੱਚ ਪੇਸ਼ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈ ਨੂੰ ਸਮੇਂ ਸਿਰ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੀਟਿੰਗ ਵਿਚ ਚੋਣ ਪ੍ਰਕਿਰਿਆ ਨਾਲ ਜੁੜੀਆਂ ਬੇਨਿਯਮੀਆਂ ਦੀ ਜਾਂਚ ਕਰਵਾਉਣ, ਗਿਆਨੇਸ਼ ਕੁਮਾਰ ਨੂੰ ਗ੍ਰਿਫਤਾਰ ਕਰਨ ਅਤੇ ਐੱਸਆਈਆਰ ਦੀ ਪ੍ਰਕਿਰਿਆ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਝੋਕ, ਪ੍ਰਤਾਪ ਸਿੰਘ ਲਖਮੀਰਪੁਰਾ, ਜਗਜੀਤ ਸਿੰਘ ਕਾਦਾਬੋੜਾ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਗੁਰਦੀਪ ਸਿੰਘ ਵਸਤੀ ਗਾਮੇਵਾਲੀ, ਬਲਵੰਤ ਸਿੰਘ ਮੱਲਾਂਵਾਲਾ, ਵਿਕਰਮ ਬਾਰੇ ਕੇ, ਗੁਰਭੇਜ ਲੋਹੜਾ ਨਵਾਬ, ਗੁਰਸੇਵਕ ਸਿੰਘ ਜੱਲੇ ਖਾਂ ਆਦਿ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।