ਸ੍ਰੀ ਹੇਮਕੁੰਟ ਸਕੂਲ ’ਚ ਬਜ਼ੁਰਗਾਂ ਦੇ ਮਾਣ-ਸਤਿਕਾਰ ਦਾ ਗੂੰਜਿਆ ਸੁਨੇਹਾ ਸ੍ਰੀ ਹੇਮਕੁੰਟ ਸਕੂਲ ’ਚ ਬਜ਼ੁਰਗਾਂ ਦੇ ਮਾਣ-ਸਤਿਕਾਰ ਦਾ ਗੂੰਜਿਆ ਸੁਨੇਹਾ
Publish Date: Sat, 28 Nov 2026 05:00 PM (IST)
Updated Date: Sat, 28 Nov 2026 05:01 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੀਰਾ : ਬਜ਼ੁਰਗ ਸਿਰਫ਼ ਪਰਿਵਾਰ ਦਾ ਹਿੱਸਾ ਹੀ ਨਹੀਂ, ਸਗੋਂ ਉਹ ਅਨਮੋਲ ਵਿਰਾਸਤ ਹਨ, ਜਿਨ੍ਹਾਂ ਦੇ ਤਜਰਬੇ, ਸੰਸਕਾਰ ਅਤੇ ਅਸੀਸਾਂ ਪੀੜ੍ਹੀਆਂ ਨੂੰ ਸਹੀ ਰਾਹ ਦਿਖਾਉਂਦੀਆਂ ਹਨ। ਇਸੇ ਭਾਵਨਾ ਨੂੰ ਸਮਾਜ ਵਿੱਚ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ, ਕੋਟ ਈ ਸੇਖਾਂ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਰਹਿਨੁਮਾਈ ਹੇਠ ਕਰਵਾਏ ਇਸ ਸਮਾਗਮ ਨੇ ਬਜ਼ੁਰਗਾਂ ਪ੍ਰਤੀ ਸਤਿਕਾਰ, ਸਨੇਹ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੁਨੇਹਾ ਦਿੱਤਾ। ਸਮਾਗਮ ਵਿੱਚ ਡਿਪਟੀ ਡੀਈਓ ਗੁਰਦਿਆਲ ਸਿੰਘ ਮਠਾੜੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਅਤੇ ਜ਼ਿਲ੍ਹਾ ਵਾਤਾਵਰਨ ਸਿੱਖਿਆ ਪ੍ਰੋਗਰਾਮ ਕੋ-ਆਰਡੀਨੇਟਰ ਦੀਪਕ ਸ਼ਰਮਾ ਨੇ ਵੀ ਅਹਿਮ ਭੂਮਿਕਾ ਨਿਭਾਈ। ਸ਼ਬਦ ਗਾਇਨ ਨਾਲ ਸ਼ੁਰੂ ਹੋਏ ਪ੍ਰੋਗਰਾਮ ਦੌਰਾਨ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਬਜ਼ੁਰਗਾਂ ਦੀ ਸੁਰੱਖਿਆ, ਪਿਆਰ ਅਤੇ ਸਨਮਾਨ ਕਰਨ ਦੀ ਸਹੁੰ ਚੁੱਕੀ। ਬੱਚਿਆਂ ਨੇ ਵਾਅਦਾ ਕੀਤਾ ਕਿ ਉਹ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਬਜ਼ੁਰਗਾਂ ਨਾਲ ਬੈਠਣਗੇ, ਤਾਂ ਜੋ ਉਹ ਇਕੱਲੇਪਣ ਦਾ ਅਹਿਸਾਸ ਨਾ ਕਰਨ। ਗੁਰਦਿਆਲ ਸਿੰਘ ਮਠਾੜੂ ਨੇ ਬਜ਼ੁਰਗਾਂ ਨੂੰ ਪਰਿਵਾਰ ਦੀਆਂ ਜੜ੍ਹਾਂ ਅਤੇ ਸਮਾਜ ਦਾ ਅਨਮੋਲ ਸਰਮਾਇਆ ਦੱਸਿਆ। ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਵੀ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਪੇਂਟਿੰਗਾਂ ਰਾਹੀਂ ਭਾਵਨਾਵਾਂ ਪ੍ਰਗਟਾਈਆਂ। ਮਹਿਮਾਨਾਂ ਨੇ ਬੂਟੇ ਲਗਾਏ। ਪ੍ਰਿੰਸੀਪਲ ਰਮਨਜੀਤ ਕੌਰ ਨੇ ਧੰਨਵਾਦ ਕੀਤਾ। ਮਹਿਮਾਨਾਂ ਨੂੰ ਲੋਈਆਂ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ ਗਏ, ਜਦਕਿ ਬਜ਼ੁਰਗਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਜੀਤ ਕੌਰ ਵੱਲੋਂ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।