ਮਨਰੇਗਾ ਕਰਮਚਾਰੀਆਂ ਨੇ ਫ਼ਿਰੋਜ਼ਪੁਰ ’ਚ ਲਗਾਇਆ ਧਰਨਾ ਮਨਰੇਗਾ ਕਰਮਚਾਰੀਆਂ ਵੱਲੋਂ ਫ਼ਿਰੋਜ਼ਪੁਰ ਵਿਖੇ ਲਗਾਇਆ ਧਰਨਾ
Publish Date: Thu, 02 Jul 2026 03:59 PM (IST)
Updated Date: Thu, 02 Jul 2026 04:02 PM (IST)
- ਮੰਗਾਂ ਨਾ ਮੰਨਣ ’ਤੇ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਆਪਣੀ ਰੁਜ਼ਗਾਰ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਮਨਰੇਗਾ ਕਰਮਚਾਰੀਆਂ ਦੀ ਕਲਮ-ਛੋੜ ਹੜਤਾਲ ਲਗਾਤਾਰ ਜਾਰੀ ਹੈ। ਸਰਕਾਰ ਅਤੇ ਉੱਚ ਅਧਿਕਾਰੀਆਂ ਵੱਲੋਂ ਕੋਈ ਸੁਣਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਬਲਾਕਾਂ ਦੇ ਮਨਰੇਗਾ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਮੂਹਰੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਧਰਨਾ ਦਿੱਤਾ। ਜ਼ਿਲ੍ਹਾ ਹੈੱਡਕੁਆਰਟਰ ਵਿਖੇ ਦਿੱਤੇ ਗਏ ਇਸ ਰੋਸ ਧਰਨੇ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਦਿਆਂ ਮਨਰੇਗਾ ਕਰਮਚਾਰੀ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਅਖਿਲ ਅਰੋੜਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਵਿਕਰਮ ਖੋਖਰ ਨੇ ਮੌਜੂਦਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਬੇਹੱਦ ਨਾਮਾਤਰ ਤਨਖਾਹਾਂ ਤੇ ਦਿਨ-ਰਾਤ ਮਿਹਨਤ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਕੋਈ ਸੰਜੀਦਗੀ ਨਹੀਂ ਦਿਖਾ ਰਹੀ। ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਹੜਤਾਲ ਨੂੰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ, ਪੰਜਾਬ ਸਰਕਾਰ ਉਨ੍ਹਾਂ ਦੇ ਮਸਲਿਆਂ ਦਾ ਹੱਲ ਲੱਭਣ ਦੀ ਬਜਾਏ ਲਗਾਤਾਰ ਤਾਨਾਸ਼ਾਹੀ ਫ਼ਰਮਾਨ ਜਾਰੀ ਕਰ ਰਹੀ ਹੈ। ਸਰਕਾਰ ਵੱਲੋਂ ਡਰਾਵੇ ਅਤੇ ਧਮਕੀਆਂ ਦੇ ਕੇ ਇਸ ਜਨਤਕ ਅੰਦੋਲਨ ਨੂੰ ਦਬਾਉਣ ਦੀ ਨਾਕਾਮ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਮੁਲਾਜ਼ਮ ਜਥੇਬੰਦੀਆਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਦਬਾਅ ਹੇਠ ਆ ਕੇ ਸੰਘਰਸ਼ ਨੂੰ ਪਿੱਛੇ ਨਹੀਂ ਹਟਾਇਆ ਜਾਵੇਗਾ, ਸਗੋਂ ਹੱਕ ਮਿਲਣ ਤੱਕ ਲੜਾਈ ਹੋਰ ਮਜ਼ਬੂਤੀ ਨਾਲ ਲੜੀ ਜਾਵੇਗੀ। ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਆਏ ਮਨਰੇਗਾ ਸਟਾਫ਼, ਜਿਨ੍ਹਾਂ ਵਿੱਚ ਲੇਬਰ ਕੰਪਿਊਟਰ ਅਸਿਸਟੈਂਟ, ਤਕਨੀਕੀ ਸਹਾਇਕ ਅਤੇ ਹੋਰ ਸਟਾਫ਼ ਸ਼ਾਮਲ ਸੀ ਨੇ ਪ੍ਰਣ ਕੀਤਾ ਕਿ ਜਦੋਂ ਤੱਕ ਯੂਨੀਅਨ ਦੇ ਸੂਬਾ ਲੀਡਰਸ਼ਿਪ ਦੇ ਅਗਲੇ ਹੁਕਮ ਨਹੀਂ ਆਉਂਦੇ, ਉਦੋਂ ਤੱਕ ਕੋਈ ਵੀ ਮੁਲਾਜ਼ਮ ਕੰਮ ਤੇ ਵਾਪਸ ਨਹੀਂ ਪਰਤੇਗਾ। ਮੁਲਾਜ਼ਮਾਂ ਦੇ ਇਸ ਵੱਡੇ ਇਕੱਠ ਕਾਰਨ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦਾ ਕੰਮਕਾਜ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਦੇਖਣ ਨੂੰ ਮਿਲਿਆ।