ਮਿਸ਼ਨ ਰਫ਼ਤਾਰ ਟੈਕ ਫੇਅਰ 2026-27 ਸ਼ਾਨੋ-ਸ਼ੌਕਤ ਨਾਲ ਸੰਪੰਨ ਮਿਸ਼ਨ ਰਫ਼ਤਾਰ ਟੈਕ ਫੇਅਰ 2026-27 ਸ਼ਾਨੋ-ਸ਼ੌਕਤ ਨਾਲ ਸੰਪੰਨ
Publish Date: Fri, 20 Nov 2026 05:40 PM (IST)
Updated Date: Sat, 21 Nov 2026 04:01 AM (IST)
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਲਈ ਸਿੱਖਿਆ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਕੇ ਵਿਦਿਆਰਥੀ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ਛੂਹ ਸਕਦੇ ਹਨ : ਏਡੀਸੀ ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਹਾਰਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ‘ਟੈਕ ਫੇਅਰ 2026-27’ ਮਾਡਰਨ ਪਲਾਜ਼ਾ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ 28 ਟੀਮਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੇ ਨਵੀਨਤਮ ਤਕਨੀਕੀ ਪ੍ਰੋਜੈਕਟਾਂ ਅਤੇ ਸਿਰਜਣਾਤਮਕ ਵਿਚਾਰਾਂ ਦਾ ਪ੍ਰਦਰਸ਼ਨ ਕੀਤਾ। ਸਮਾਗਮ ਵਿਚ ਕ੍ਰਿਸ਼ਨਾ ਰਾਜਪੂਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਫ਼ਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਯੁੱਗ ਵਿਗਿਆਨ, ਤਕਨਾਲੋਜੀ ਅਤੇ ਕੰਪਿਊਟਰ ਦਾ ਯੁੱਗ ਹੈ। ਵਿਦਿਆਰਥੀਆਂ ਨੂੰ ਤਕਨਾਲੋਜੀ ਦੀ ਸੁਚੱਜੀ ਅਤੇ ਉਸਾਰੂ ਵਰਤੋਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਨਵੀਆਂ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹਣ ਵਿੱਚ ਵਰਦਾਨ ਸਾਬਤ ਹੁੰਦੇ ਹਨ। ਸਮਾਗਮ ਦੀ ਪ੍ਰਧਾਨਗੀ ਹਿਮਾਂਸ਼ੂ ਕਦਿਆਨ ਸਹਾਇਕ ਕਮਿਸ਼ਨਰ (ਜਨਰਲ), ਫ਼ਿਰੋਜ਼ਪੁਰ ਵੱਲੋਂ ਕੀਤੀ ਗਈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਮੁਕਾਬਲੇ ਵਾਲੇ ਯੁੱਗ ਵਿੱਚ ਕਿਤਾਬੀ ਗਿਆਨ ਦੇ ਨਾਲ-ਨਾਲ ਹੁਨਰ-ਆਧਾਰਿਤ ਅਤੇ ਵਿਹਾਰਕ ਸਿੱਖਿਆ ਵੀ ਬੇਹੱਦ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਆਪਣੇ ਗਿਆਨ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਦੇ ਵੱਧ ਤੋਂ ਵੱਧ ਮੌਕੇ ਮਿਲਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਮਿਸ਼ਨ ਰਫ਼ਤਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ), ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ (ਆਈਓਟੀ) ਵਰਗੀਆਂ ਆਧੁਨਿਕ ਤਕਨੀਕਾਂ ਨੂੰ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੀ ਇੱਕ ਅਹਿਮ ਪਹਿਲਕਦਮੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਟੈਕ ਫੇਅਰ ਵਰਗੇ ਮੰਚ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਣ, ਉਨ੍ਹਾਂ ਨੂੰ ਨਵੇਂ ਤਜਰਬੇ ਕਰਨ ਅਤੇ ਨਵੀਨਤਮ ਤਕਨੀਕਾਂ ਰਾਹੀਂ ਸਮੱਸਿਆਵਾਂ ਦੇ ਹੱਲ ਲੱਭਣ ਲਈ ਪ੍ਰੇਰਿਤ ਕਰਦੇ ਹਨ। ਜ਼ਿਲ੍ਹਾ ਨੋਡਲ ਅਫ਼ਸਰ ਮਿਸ਼ਨ ਰਫ਼ਤਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਮੇਲੇ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਕਰਨ, ਮਾਹਿਰਾਂ ਤੋਂ ਮਾਰਗਦਰਸ਼ਨ ਪ੍ਰਾਪਤ ਕਰਨ ਅਤੇ ਆਪਣੀ ਤਕਨੀਕੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਵਿਸ਼ੇਸ਼ ਮੌਕਾ ਮਿਲਿਆ। ਮੁਕਾਬਲੇ ਦੇ ਨਤੀਜਿਆਂ ਵਿਚ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਭਾਈ ਨੇ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੀ ਗਾਈਡ ਅਧਿਆਪਕਾ ਹਿਮਾਂਸ਼ੀ ਸਿੰਗਲਾ ਦੀ ਅਗਵਾਈ ਹੇਠ ਵਿਦਿਆਰਥਣਾਂ ਗੁਰਲੀਨ ਕੌਰ ਅਤੇ ਜਸਮੀਤ ਕੌਰ (ਦੋਵੇਂ ਜਮਾਤ 12ਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਣਾ ਸਿੰਘ ਵਾਲਾ ਨੇ ਪ੍ਰਾਪਤ ਕੀਤਾ। ਸਕੂਲ ਦੇ ਗਾਈਡ ਅਧਿਆਪਕ ਅਮਿਤ ਬਾਰੀਆ ਦੀ ਅਗਵਾਈ ਹੇਠ ਨੂਰਪ੍ਰੀਤ ਕੌਰ ਅਤੇ ਕਰਨਵੀਰ ਸਿੰਘ (ਦੋਵੇਂ ਜਮਾਤ ਦਸਵੀਂ) ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰੀਆਂ ਪਹਿਲਵਾਨ ਨੇ ਹਾਸਲ ਕੀਤਾ। ਸਕੂਲ ਦੀ ਗਾਈਡ ਅਧਿਆਪਕਾਗੀਤਾ ਜੁਲਕਾ ਦੀ ਅਗਵਾਈ ਹੇਠ ਅਸ਼ੀਸ਼ (ਜਮਾਤ 9ਵੀਂ) ਤੇ ਗੌਰਵ (ਜਮਾਤ ਗਿਆਰ੍ਹਵੀਂ) ਨੇ ਇਹ ਪ੍ਰਾਪਤੀ ਆਪਣੇ ਨਾਮ ਕੀਤੀ। ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰੋਜੈਕਟਾਂ ਦਾ ਮੁਲਾਂਕਣ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਤੋਂ ਡਾ. ਸੰਨੀ ਬਹਿਲ ਅਤੇ ਪ੍ਰੋਫੈਸਰ ਗੁਰਜੀਵਨ ਸਿੰਘ, ਪ੍ਰਿੰਸੀਪਲ ਮੋਨਿਕਾ ਗਰੋਵਰ, ਲੈਕਚਰਾਰ ਰਾਕੇਸ਼ ਪਵਾਰ ਅਤੇ ਡੀ.ਆਰ.ਪੀ. ਕੰਪਿਊਟਰ ਸਾਇੰਸ ਹਰਜੀਤ ਸਿੰਘ ਸੰਧੂ ਵੱਲੋਂ ਕੀਤਾ ਗਿਆ। ਮੰਚ ਸੰਚਾਲਨ ਦੀ ਜਿੰਮੇਵਾਰੀ ਸਟੇਟ ਅਵਾਰਡੀ ਅਧਿਆਪਕ ਰਵੀ ਇੰਦਰ ਸਿੰਘ ਨੇ ਬਾਖੂਬੀ ਨਿਭਾਈ। ਜ਼ਿਲ੍ਹਾ ਪੱਧਰੀ ਪ੍ਰਬੰਧਕੀ ਕਮੇਟੀ ਵਿਚ ਸ਼ਾਮਲ ਰੁਪਿੰਦਰ ਕੌਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ, ਹਰਪ੍ਰੀਤ ਸਿੰਘ ਅਤੇ ਰਾਜੀਵ ਮੋਂਗਾ, ਲੈਕਚਰਾਰ ਕਾਮਰਸ ਨੇ ਇਸ ਮੇਲੇ ਦੀ ਸਫ਼ਲਤਾ ਲਈ ਸਮੂਹ ਪ੍ਰਬੰਧਕੀ ਟੀਮ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।