- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਵਿਧਾਇਕ ਨੇ ਸਪੱਸ਼ਟ ਕੀਤਾ ਕਿ ਲਾਪ੍ਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਮਾਨਸੂਨ ਦੇ ਆਉਣ ਤੋਂ ਪਹਿਲਾਂ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਟੈਡੀਂਵਾਲਾ ਵਿਖੇ ਸਤਲੁਜ ਦਰਿਆ ਵਿਚ ਬਣਾਈਆਂ ਜਾ ਰਹੀਆਂ ਨੋਚਾਂ ਦੇ ਚੱਲ ਰਹੇ ਕੰਮਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੌਰੇ ਦੌਰਾਨ ਮੌਕੇ ’ਤੇ ਮੌਜ਼ੂਦ ਪਿੰਡ ਵਾਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪਿਛਲੇ ਸਾਲਾਂ ਦੇ ਤਜ਼ਰਬਿਆਂ ਤੋਂ ਸਬਕ ਲੈਂਦਿਆਂ ਇਸ ਵਾਰ ਮਾਨਸੂਨ ਦੇ ਮੌਸਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਬਰਸਾਤਾਂ ਦੌਰਾਨ ਸਰਹੱਦੀ ਅਤੇ ਦਰਿਆਈ ਖੇਤਰਾਂ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਭਾਰੀ ਪ੍ਰੇਸ਼ਾਨੀ ਜਾਂ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪਿੰਡ ਟੈਡੀਂਵਾਲਾ ਹੜ੍ਹਾਂ ਦੇ ਲਿਹਾਜ਼ ਨਾਲ ਬੇਹੱਦ ਸੰਵੇਦਨਸ਼ੀਲ ਇਲਾਕਾ ਮੰਨਿਆ ਜਾਂਦਾ ਹੈ, ਜਿੱਥੇ ਸਤਲੁਜ ਦਰਿਆ ਦਾ ਵਹਾਅ ਸਿੱਧਾ ਬੰਨ੍ਹ ਵੱਲ ਹੁੰਦਾ ਹੈ।
ਇਸੇ ਲਈ ਇੱਥੇ ਵਿਸ਼ੇਸ਼ ਤੌਰ ’ਤੇ ਨੋਚਾਂ ਅਤੇ ਸਟੱਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜੋ ਪਾਣੀ ਦੇ ਤੇਜ਼ ਵਹਾਅ ਨੂੰ ਮੋੜ ਕੇ ਦਰਿਆ ਦੇ ਕੰਢਿਆਂ ਨੂੰ ਖ਼ੁਰਨ ਤੋਂ ਬਚਾਉਣਗੇ। ਹਲਕਾ ਵਿਧਾਇਕ ਨੇ ਸਪੱਸ਼ਟ ਕੀਤਾ ਕਿ ਲਾਪ੍ਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ। ਸਥਾਨਕ ਨਿਵਾਸੀਆਂ ਨੇ ਸਰਕਾਰ ਅਤੇ ਵਿਧਾਇਕ ਵੱਲੋਂ ਸਮੇਂ ਸਿਰ ਕੀਤੇ ਜਾ ਰਹੇ ਇਨ੍ਹਾਂ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।