- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

- ਪਿੰਡਾਂ ’ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਤੇ ਨੀਂਹ ਪੱਥਰ ਰੱਖੇ
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ
ਫਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਖਾਈ ਫੇਮੇ ਕੀ, ਖਾਈ, ਮੀਰਾ ਸ਼ਾਹ ਨੂਰ ਅਤੇ ਇੰਦਰਾ ਕਾਲੋਨੀ ਸਮੇਤ ਕਈ ਇਲਾਕਿਆਂ ਵਿਚ ਵਿਸ਼ੇਸ਼ ਲੋਕ ਮਿਲਣੀਆਂ ਕਰ ਕੇ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਗੰਭੀਰਤਾ ਨਾਲ ਸੁਣਿਆ। ਵਿਧਾਇਕ ਭੁੱਲਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਮੌਕੇ ’ਤੇ ਹੀ ਕਈ ਅਹਿਮ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦਾ ਮੁਹਾਂਦਰਾ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਜੋ ਪਿੰਡ ਵਿਕਾਸ ਪੱਖੋਂ ਪੱਛੜ ਗਏ ਸਨ, ਉਨ੍ਹਾਂ ਨੂੰ ਹੁਣ ਮਾਨ ਸਰਕਾਰ ਦੇ ਰਾਜ ਵਿੱਚ ਪਹਿਲ ਦੇ ਅਧਾਰ 'ਤੇ ਵਿਕਾਸ ਦੀ ਲੀਹ ’ਤੇ ਲਿਆਂਦਾ ਜਾ ਰਿਹਾ ਹੈ।ਆਪਣੇ ਇਸ ਦੌਰੇ ਦੌਰਾਨ ਵਿਧਾਇਕ ਭੁੱਲਰ ਨੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਈ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਪੂਰੇ ਹੋ ਚੁੱਕੇ ਪ੍ਰੋਜੈਕਟਾਂ ਦੇ ਉਦਘਾਟਨ ਵੀ ਕੀਤੇ। ਪਿੰਡਾਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ, ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ ਲੱਖਾਂ ਰੁਪਏ ਦੇ ਫੰਡਾਂ ਨਾਲ ਸ਼ੁਰੂ ਹੋਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਵਿਧਾਇਕ ਨੇ ਮੌਕੇ ’ਤੇ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ (ਕੁਆਲਿਟੀ) ਨਾਲ ਕਿਸੇ ਵੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰਮ ਤੈਅ ਸਮੇਂ ਦੇ ਅੰਦਰ ਮੁਕੰਮਲ ਕੀਤੇ ਜਾਣ। ਲੋਕਾਂ ਦੇ ਇਕੱਠ ਨੂੰ ਭਰੋਸਾ ਦਿੰਦਿਆਂ ਭੁੱਲਰ ਨੇ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਕਿਸੇ ਵੀ ਪਿੰਡ ਜਾਂ ਕਲੋਨੀ ਵਿਚ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦਾ ਮੁੱਖ ਮਕਸਦ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ, ਪੱਕੀਆਂ ਸੜਕਾਂ ਅਤੇ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਹਲਕੇ ਅੰਦਰ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਇਸੇ ਤਰ੍ਹਾਂ ਬਿਨਾਂ ਕਿਸੇ ਪੱਖਪਾਤ ਦੇ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਪਿੰਡਾਂ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ, ਪਾਰਟੀ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।