ਵਿਧਾਇਕ ਭੁੱਲਰ ਨੇ ਹਲਕੇ ਦੇ ਪਿੰਡਾਂ ’ਚ ਲੋਕ ਮਿਲਣੀਆਂ ਕਰ ਕੇ ਸਮੱਸਿਆਵਾਂ ਸੁਣੀਆਂ
ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Publish Date: Sun, 21 Jun 2026 05:58 PM (IST)
Updated Date: Mon, 22 Jun 2026 04:07 AM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ‘ਲੋਕ ਮਿਲਣੀਆਂ’ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਜਿੱਥੇ ਪਿੰਡ ਵਾਸੀਆਂ ਦੀਆਂ ਦਰਪੇਸ਼ ਮੁਸ਼ਕਲਾਂ ਨੂੰ ਬੜੇ ਗਹੁ ਨਾਲ ਸੁਣਿਆ, ਉੱਥੇ ਹੀ ਕਈ ਅਹਿਮ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਕਰੋੜਾਂ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ। ਵਿਧਾਇਕ ਭੁੱਲਰ ਅੱਜ ਹਲਕੇ ਦੇ ਸਰਹੱਦੀ ਅਤੇ ਪੇਂਡੂ ਖੇਤਰਾਂ, ਜਿਨ੍ਹਾਂ ਵਿਚ ਪਿੰਡ ਓਲਾ ਕੇ, ਕੁੰਡੇ, ਨਵਾਂ ਬਾਰੇ ਕੇ ਅਤੇ ਇਤਿਹਾਸਕ ਪਿੰਡ ਹੁਸੈਨੀਵਾਲਾ ਸ਼ਾਮਲ ਹਨ, ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਲੋਕਾਂ ਦੇ ਰੂ-ਬ-ਰੂ ਹੁੰਦਿਆਂ ਉਨ੍ਹਾਂ ਨੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਇੰਟਰਲਾਕਿੰਗ ਟਾਈਲਾਂ ਲਗਾਉਣ, ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਸਮੇਤ ਵੱਖ-ਵੱਖ ਨਵੇਂ ਜਨਤਕ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਕਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਦਾ ਮੁੱਖ ਮਨੋਰਥ ਹਰ ਨਾਗਰਿਕ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਇਸ ਦੌਰਾਨ ਹਲਕਾ ਵਾਸੀਆਂ ਵੱਲੋਂ ਵਿਧਾਇਕ ਭੁੱਲਰ ਦਾ ਨਿੱਘਾ ਸਵਾਗਤ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਮਾਨ ਸਰਕਾਰ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਓਲਾ ਕੇ ਦੇ ਸਰਪੰਚ ਅਸ਼ਰਾ, ਕੁੰਡੇ ਦੇ ਸਰਪੰਚ ਵਿਜੈ ਅਟਵਾਲ, ਹੁਸੈਨੀਵਾਲਾ ਦੀ ਸਰਪੰਚ ਪੂਜਾ ਅਤੇ ਨਵਾਂ ਬਾਰੇ ਕੇ ਦੇ ਸਰਪੰਚ ਕਰਮਜੀਤ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਤੋਂ ਇਲਾਵਾ ਚੇਅਰਮੈਨ ਬਲਰਾਜ ਕਟੋਰਾ, ਨੇਕ ਪ੍ਰਤਾਪ ਸਿੰਘ, ਗੁਰਭੇਜ ਸਿੰਘ, ਹਰਮੀਤ ਸਿੰਘ, ਸੁਖਚੈਨ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।