- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਆਮ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਕਈ ਭਖਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅੱਜ ਹਲਕੇ ਦੇ ਸਰਹੱਦੀ ਅਤੇ ਪਛੜੇ ਪਿੰਡਾਂ ਦੇ ਲੋਕਾਂ ਦੇ ਰੂ-ਬਰੂ ਹੋਏ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਪਿੰਡ ਟੈਂਡੀ ਵਾਲਾ, ਗੱਟੀ ਰਹਿਮੇ ਕੇ ਅਤੇ ਚੂਹੜੀ ਵਾਲਾ ਵਿਖੇ ਪਹੁੰਚ ਕੇ ਭਰਵੇਂ ਜਨਤਕ ਇਕੱਠਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਦੇ ਸਾਹਮਣੇ ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਦੀ ਮੁਰੰਮਤ, ਬਿਜਲੀ ਸਪਲਾਈ ਅਤੇ ਹੋਰ ਸਥਾਨਕ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਰੱਖਿਆ। ਵਿਧਾਇਕ ਭੁੱਲਰ ਨੇ ਲੋਕਾਂ ਦੀਆਂ ਗੱਲਾਂ ਨੂੰ ਬਹੁਤ ਹੀ ਹਮਦਰਦੀ ਅਤੇ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ’ਤੇ ਹਾਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਦੇ ਜਲਦ ਹੱਲ ਲਈ ਪਾਬੰਦ ਕੀਤਾ। ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੰਡਾਂ ਜਾਂ ਗ੍ਰਾਂਟਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਦਾ ਮੁੱਖ ਮਨੋਰਥ ਹਰ ਵਰਗ ਤੱਕ ਬਿਹਤਰ ਸਹੂਲਤਾਂ ਪਹੁੰਚਾਉਣਾ ਅਤੇ ਪਿੰਡਾਂ ਦਾ ਸ਼ਹਿਰਾਂ ਵਾਂਗ ਆਧੁਨਿਕੀਕਰਨ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਜਿਹੜੇ ਇਲਾਕੇ ਵਿਕਾਸ ਪੱਖੋਂ ਪਛੜ ਗਏ ਸਨ, ਉਨ੍ਹਾਂ ਨੂੰ ਹੁਣ ਪਹਿਲ ਦੇ ਅਧਾਰ ’ਤੇ ਸੁਧਾਰਿਆ ਜਾ ਰਿਹਾ ਹੈ। ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜ ਨਿਰੰਤਰ ਅਤੇ ਨਿਰਵਿਘਨ ਜਾਰੀ ਰਹਿਣਗੇ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਵਿਧਾਇਕ ਭੁੱਲਰ ਦੇ ਇਸ ਉਪਰਾਲੇ ਦਾ ਭਰਵਾਂ ਸਵਾਗਤ ਕੀਤਾ ਗਿਆ। ਇਲਾਕਾ ਨਿਵਾਸੀਆਂ ਨੇ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਅਤੇ ਸਕੀਮਾਂ ਪ੍ਰਤੀ ਪੂਰਨ ਤਸੱਲੀ ਪ੍ਰਗਟ ਕਰਦਿਆਂ ਸਰਕਾਰ ਨੂੰ ਆਪਣਾ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਵੀ ਕੀਤਾ।