- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਜ਼ਿਲ੍ਹਾ ਪੱਧਰ ’ਤੇ ਸ਼ੁਰੂਆਤ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ’ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡਾਂ ਦੇ ਸਰਪੰਚ ਸਾਹਿਬਾਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੀ ਗਈ। ਇਸ ਮੌਕੇ ਹਾਜ਼ਰ ਸਮੂਹ ਭਾਗੀਦਾਰਾਂ ਵੱਲੋਂ ਸਹੁੰ ਚੁੱਕੀ ਗਈ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਦੌਰਾਨ ਇਕ ਸਾਫ਼-ਸੁਥਰੇ ਅਤੇ ਸਿਹਤਮੰਦ ਪੰਜਾਬ ਅਤੇ ਭਾਰਤ ਦੀ ਸਿਰਜਣਾ ਲਈ ਸਾਰੇ ਮਿਲ ਕੇ ਸਵੱਛਤਾ ਬਣਾਈ ਰੱਖਣ ਲਈ ਵਚਨਬੱਧ ਹੋਣਗੇ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਪਿੰਡਾਂ ਅਤੇ ਸਾਂਝੀਆਂ ਥਾਵਾਂ ’ਤੇ ਸਾਫ਼-ਸਫ਼ਾਈ ਦੀ ਵਿਵਸਥਾ ਰੱਖਣ ਅਤੇ ਪਾਣੀ, ਸਫ਼ਾਈ ਤੇ ਸਵੱਛਤਾ ਸਬੰਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਅਤੇ ਨੌਜਵਾਨਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਘਰਾਂ, ਪਿੰਡਾਂ ਅਤੇ ਸਾਂਝੀਆਂ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਲੋਕਾਂ ਨੂੰ ਸਵੱਛਤਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਅਪੀਲ ਕੀਤੀ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਇਸ ਮੌਕੇ ‘‘ਹਰ ਘਰ ਜਲ, ਹਰ ਘਰ ਸਵੱਛਤਾ’’ ਦਾ ਸੰਦੇਸ਼ ਦਿੰਦਿਆਂ ਲੋਕਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਅਪੀਲ ਕੀਤੀ, ਤਾਂ ਜੋ ਹਰ ਘਰ ਅਤੇ ਹਰ ਪਿੰਡ ਵਿਚ ਸਵੱਛਤਾ ਪ੍ਰਤੀ ਜਾਗਰੂਕਤਾ ਵਧਾਈ ਜਾ ਸਕੇ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਇਸ ਮੌਕੇ ਬਲਾਕ ਰਿਸੋਰਸ ਕੋਆਰਡੀਨੇਟਰ ਮਨਦੀਪ ਸਿੰਘ, ਨੇਕ ਪ੍ਰਤਾਪ ਸਿੰਘ, ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਹਰਮੀਤ ਸਿੰਘ ਖਾਈ, ਸੁੁਖਚੈਨ ਸਿੰਘ ਖਾਈ, ਮੇਜਰ ਸਿੰਘ ਕੌਂਸਲਰ, ਗੁਰਭੇਜ ਸਿੰਘ, ਜਸਵਿੰਦਰ ਸਿੰਘ ਅਤੇ ਨਛੱਤਰ ਸਿੰਘ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਮੈਂਬਰ ਪੰਚਾਇਤਾਂ ਅਤੇ ਪਿੰਡ ਵਾਸੀ ਹਾਜ਼ਰ ਸਨ।