ਵਿਧਾਇਕ ਨਰੇਸ਼ ਕਟਾਰੀਆ ਨੇ ਨਵੇਂ ਚੇਅਰਮੈਨਾਂ ਦਾ ਕੀਤਾ ਸਨਮਾਨ ਵਿਧਾਇਕ ਨਰੇਸ਼ ਕਟਾਰੀਆ ਨੇ ਨਵੇਂ ਚੇਅਰਮੈਨਾਂ ਦਾ ਕੀਤਾ ਸਨਮਾਨ
Publish Date: Thu, 23 Jul 2026 04:18 PM (IST)
Updated Date: Thu, 23 Jul 2026 04:19 PM (IST)
- ‘ਆਪ’ ਸਰਕਾਰ ਹਰ ਵਰਗ ਦੇ ਬਰਾਬਰ ਵਿਕਾਸ ਲਈ ਵਚਨਬੱਧ - ਨਵੀਂਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਚੇਅਰਮੈਨਾਂ ਨੇ ਦਿੱਤਾ ਭਰੋਸਾ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਾਈਚਾਰਿਆਂ ਦੀ ਭਲਾਈ ਅਤੇ ਸਮਾਜਿਕ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਬਣਾਏ ਗਏ ਵੈਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਹਲਕਾ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਵਿਕਾਸ ਦੇ ਮੌਕੇ ਦੇਣ ਲਈ ਵਚਨਬੱਧ ਹੈ। ਇਸੇ ਸੋਚ ਦੇ ਤਹਿਤ ਵੱਖ-ਵੱਖ ਭਾਈਚਾਰਿਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬੋਰਡਾਂ ਦਾ ਗਠਨ ਕੀਤਾ ਗਿਆ ਹੈ। ਵਿਧਾਇਕ ਨਰੇਸ਼ ਕਟਾਰੀਆ ਨੇ ਦੱਸਿਆ ਕਿ ਬ੍ਰਾਹਮਣ ਵੈਲਫੇਅਰ ਬੋਰਡ ਜੀਰਾ ਦੇ ਚੇਅਰਮੈਨ ਰਾਜੀਵ ਸ਼ਰਮਾ ਭੋਲਾ, ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਬਿਲਾਲ ਅਹਿਮਦ, ਮਸੀਹ ਵੈਲਫੇਅਰ ਬੋਰਡ ਦੇ ਚੇਅਰਮੈਨ ਸਾਈਮਨ ਮਸੀਹ, ਖੱਤਰੀ ਵੈਲਫੇਅਰ ਬੋਰਡ ਜੀਰਾ ਦੇ ਚੇਅਰਮੈਨ ਹੀਰਾ ਕੱਕੜ, ਕੰਬੋਜ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਪਾਲ ਸਿੰਘ, ਬੈਰਾਗੀ ਵੈਲਫੇਅਰ ਬੋਰਡ ਦੇ ਚੇਅਰਮੈਨ ਅਰਸ਼ਪ੍ਰੀਤ ਸਿੰਘ, ਬਾਜੀਗਰ ਵੈਲਫੇਅਰ ਬੋਰਡ ਦੇ ਚੇਅਰਮੈਨ ਸਰਪੰਚ ਨਿਰਮਲ ਸਿੰਘ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਪਰਮਜੀਤ ਸਿੰਘ ਪੀਹੇਵਾਲਾ, ਸਪੋਰਟਸ ਵੈਲਫੇਅਰ ਬੋਰਡ ਦੇ ਚੇਅਰਮੈਨ ਕੁਲਬੀਰ ਸਿੰਘ ਪੱਪੂ ਜੋਗੇਵਾਲਾ ਅਤੇ ਰਾਏ ਸਿੱਖ ਵੈਲਫੇਅਰ ਬੋਰਡ ਦੇ ਚੇਅਰਮੈਨ ਗੁਰਜੰਟ ਸਿੰਘ ਵਾੜਾ ਕਾਲਾ ਰੋ ਨੂੰ ਇਹ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਭਾਈਚਾਰਿਆਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਤਰਜੀਹ ਦੇਣ, ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਹੀ ਇਨ੍ਹਾਂ ਬੋਰਡਾਂ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਮੌਕੇ ਸਨਮਾਨਿਤ ਕੀਤੇ ਗਏ ਸਾਰੇ ਚੇਅਰਮੈਨਾਂ ਨੇ ਵਿਧਾਇਕ ਨਰੇਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਇਆ ਜਾਵੇਗਾ ਅਤੇ ਆਪਣੇ-ਆਪਣੇ ਭਾਈਚਾਰਿਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।