ਸਰਕਾਰੀ ਸਕੂਲਾਂ ’ਚ ਸੁਧਾਰ ਲਿਆਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਸ਼ੁਰੂ : ਵਿਧਾਇਕ ਦਹੀਆ
ਵਿਧਾਇਕ ਰਜਨੀਸ਼ ਦਹੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
Publish Date: Tue, 21 Apr 2026 05:48 PM (IST)
Updated Date: Tue, 21 Apr 2026 05:52 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਰਾਜ ਸਰਕਾਰ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਉਪਲਬੱਧ ਕਰਵਾਉਣ ਲਈ ਯਤਨਸ਼ੀਲ ਹੈ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਹਨ। ਇਹ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ ਨੇ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ, ਸਰਕਾਰੀ ਹਾਈ ਸਕੂਲ ਪਿਆਰੇਆਣਾ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਨਿਰੰਤਰ ਯਤਨਾਂ ਨਾਲ ਸਕੂਲਾਂ ਵਿਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ ਵੱਡੀ ਗਿਣਤੀ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਕਾਰੀ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਮਿੱਥਿਆ ਗਿਆ ਟੀਚਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਅਤ ਸਮਾਜ ਹੀ ਕਿਸੇ ਵਿਕਸਿਤ ਰਾਜ ਅਤੇ ਦੇਸ਼ ਦੀ ਬੁਨਿਆਦ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਇਹ ਉਪਰਾਲੇ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜ਼ਬੂਤੀ ਦੇਣਗੇ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਸਿੱਧ ਹੋਣਗੇ। ਉਨ੍ਹਾਂ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ। ਇਸ ਮੌਕੇ ਰੌਬੀ ਸੰਧੂ ਪੀਏ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਸਰਪੰਚ ਸੁਖਵੀਰ ਕੌਰ, ਸਕੂਲ ਚੇਅਰਪਰਸਨ ਹਰਪ੍ਰੀਤ ਕੌਰ ਸਕੂਲ ਇੰਚਾਰਜ਼ ਹਰਜਿੰਦਰਪਾਲ ਸਿੰਘ, ਪ੍ਰਿੰਸੀਪਲ ਅਰਵਿੰਦਰ ਸਿੰਘ, ਪ੍ਰਿੰਸੀਪਲ ਹਰਫੂਲ ਸਿੰਘ, ਸਰਪੰਚ ਅਮਨਦੀਪ ਕੌਰ, ਗੁਰਬਾਜ਼ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ, ਸਕੂਲਾਂ ਦਾ ਸਮੂਹ ਸਟਾਫ਼ ਆਦਿ ਮੌਜ਼ੂਦ ਸਨ।