- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਜਨੀਸ਼ ਦਹੀਯਾ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ ਵੱਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਰਸਮੀ ਤੌਰ ’ਤੇ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਵਿਧਾਇਕ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਖ਼ਰੀਦ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਖ਼ਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਇਸ ਵਾਰ ਵੀ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦੀ ਗਈ ਝੋਨੇ ਦੀ ਫਸਲ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋਂ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ। ਰਜਨੀਸ਼ ਦਹੀਯਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਲਈ ਕੁੱਲ 127 ਖਰੀਦ ਕੇਂਦਰ ਬਣਾਏ ਗਏ ਹਨ ਅਤੇ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਝੋਨੇ ਦੀ ਸਰਕਾਰੀ ਰੇਟਾਂ ਤੇ ਖਰੀਦ ਕੀਤੀ ਜਾਵੇਗੀ ਅਤੇ ਇਨ੍ਹਾਂ ਖਰੀਦ ਕੇਂਦਰ ਵਿੱਚ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਵੱਲੋਂ ਲਿਆਂਦੀ ਗਈ ਫ਼ਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ। ਇਸ ਮੌਕੇ ਡੀ.ਐੱਫ.ਐੱਸ.ਸੀ. ਵੰਦਨਾ ਕੰਬੋਜ਼, ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ, ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ, ਰੌਬੀ ਸੰਧੂ ਪੀ.ਏ., ਮਨਦੀਪ ਸਿੰਘ ਪਿਆਰੇਆਣਾ ਵਾਈਸ ਜ਼ਿਲ੍ਹਾ ਯੂਥ ਪ੍ਰਧਾਨ ਆਦਿ ਹਾਜ਼ਰ ਸਨ।