ਵਿਧਾਇਕ ਰਣਬੀਰ ਭੁੱਲਰ ਵੱਲੋਂ ਹਲਕੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ
ਵਿਧਾਇਕ ਰਣਬੀਰ ਭੁੱਲਰ ਵੱਲੋਂ ਹਲਕੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ
Publish Date: Wed, 15 Apr 2026 05:46 PM (IST)
Updated Date: Wed, 15 Apr 2026 05:48 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੀਆਂ ਦਾਣਾ ਮੰਡੀਆਂ ਮਹਾਲਮ, ਬਸਤੀ ਵਕੀਲਾਂ ਵਾਲੀ ਅਤੇ ਖਾਈ ਫੇਮੇ ਕੀ ਵਿਖੇ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਤੌਰ ‘ਤੇ ਆਗਾਜ਼ ਕਰਵਾਇਆ। ਇਸ ਦੌਰਾਨ ਉਨ੍ਹਾਂ ਉੱਥੇ ਮੌਜ਼ੂਦ ਕੁਝ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੱਸਿਆ ਦਾ ਹੱਲ ਜਲਦੀਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ਉਪਰੰਤ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਕਿ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਹਨ ਕਿ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਮਜ਼ਦੂਰਾਂ ਅਤੇ ਆੜਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਢੁੱਕਵੇਂ ਇੰਤਜ਼ਾਮ ਕੀਤੇ ਗਏ ਹਨ ਤਾਂ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫਸਲ ਦਾ ਹਰ ਇਕ ਦਾਣਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਖਰੀਦਿਆ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਮੀਂਹ ਜਾਂ ਗੜੇਮਾਰੀ ਕਾਰਨ ਫਸਲ ਨੂੰ ਨੁਕਸਾਨ ਪਹੁੰਚਿਆ ਹੈ, ਉੱਥੇ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ।