ਪੰਜਾਬ ਸਰਕਾਰ ਲੋਕਾਂ ਦੀ ਸੇਵਾ ਤੇ ਭਲਾਈ ਲਈ ਵਚਨਬੱਧ : ਵਿਧਾਇਕ ਭੁੱਲਰ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮਾਗਮ ਵਿੱਚ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕੀਤੀ ਸ਼ਿਰਕਤ, ਸਹਿਯੋਗੀਆਂ ਨੂੰ ਵੰਡੇ ਸਨਮਾਨ ਚੈੱਕ
Publish Date: Thu, 19 Nov 2026 05:02 PM (IST)
Updated Date: Fri, 20 Nov 2026 04:01 AM (IST)
ਮਾਵਾਂ-ਧੀਆਂ ਸਤਿਕਾਰ ਯੋਜਨਾ ਸਮਾਗਮ ’ਚ ਕੀਤੀ ਸ਼ਿਰਕਤ, ਸਹਿਯੋਗੀਆਂ ਨੂੰ ਵੰਡੇ ਸਨਮਾਨ ਚੈੱਕ ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮਾਗਮ ਵਿੱਚ ਹਲਕਾ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਯੋਜਨਾ ਅਧੀਨ ਫਾਰਮ ਭਰਨ ਅਤੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਵਿੱਚ ਅਹਿਮ ਸਹਿਯੋਗ ਦੇਣ ਵਾਲੇ ਸਾਥੀਆਂ ਅਤੇ ਵਲੰਟੀਅਰਾਂ ਨੂੰ ਸਨਮਾਨ ਰਾਸ਼ੀ ਦੇ ਚੈੱਕ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਦੀ ਨਿਰਸਵਾਰਥ ਸੇਵਾ ਕਰਨਾ ਅਤੇ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰੇਕ ਯੋਗ ਅਤੇ ਲੋੜਵੰਦ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਫਾਰਮ ਭਰਵਾਉਣ ਦੀ ਪ੍ਰਕਿਰਿਆ ਵਿੱਚ ਜਿਨ੍ਹਾਂ ਸਾਥੀਆਂ ਨੇ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਮਦਦ ਕੀਤੀ ਹੈ, ਉਨ੍ਹਾਂ ਦਾ ਯੋਗਦਾਨ ਬੇਹੱਦ ਸ਼ਲਾਘਾਯੋਗ ਹੈ। ਸਹਿਯੋਗੀਆਂ ਦੀ ਸਰਗਰਮ ਭੂਮਿਕਾ ਸਦਕਾ ਹੀ ਜ਼ਮੀਨੀ ਪੱਧਰ ’ਤੇ ਵੱਡੀ ਗਿਣਤੀ ਵਿੱਚ ਲੋਕ ਇਸ ਯੋਜਨਾ ਨਾਲ ਜੁੜ ਸਕੇ ਹਨ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਰ ਉਪਰਾਲਾ ਆਮ ਲੋਕਾਂ ਦੀ ਸੇਵਾ, ਸਸ਼ਕਤੀਕਰਨ ਅਤੇ ਭਲਾਈ ਨੂੰ ਸਮਰਪਿਤ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਸਕੀਮਾਂ ਦਾ ਅਸਲ ਲਾਭ ਉਦੋਂ ਹੀ ਸੰਭਵ ਹੈ, ਜਦੋਂ ਹਰ ਯੋਗ ਲਾਭਪਾਤਰੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚ ਕੀਤੀ ਜਾਵੇ। ਇਸ ਦੇ ਲਈ ਪਾਰਟੀ ਵਰਕਰਾਂ ਅਤੇ ਸਹਿਯੋਗੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਸੇਵਾ ਵਿੱਚ ਜੁਟੇ ਰਹਿਣ ਦਾ ਸੱਦਾ ਦਿੱਤਾ ਗਿਆ। ਸਮਾਗਮ ਵਿੱਚ ਮੌਜ਼ੂਦ ਸਾਥੀਆਂ ਅਤੇ ਪ੍ਰਬੰਧਕਾਂ ਨੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸਰਕਾਰੀ ਯੋਜਨਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਆਪਣੀ ਸੇਵਾ ਭਾਵਨਾ ਇਸੇ ਤਰ੍ਹਾਂ ਜਾਰੀ ਰੱਖਣਗੇ। ਸਮਾਗਮ ਦੌਰਾਨ ਮਾਹੌਲ ਕਾਫ਼ੀ ਉਤਸ਼ਾਹਪੂਰਨ ਰਿਹਾ ਅਤੇ ਸਨਮਾਨ ਪ੍ਰਾਪਤ ਕਰਨ ਵਾਲੇ ਸਾਥੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।