ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਭੁੱਲਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ
Publish Date: Fri, 17 Jul 2026 05:04 PM (IST)
Updated Date: Fri, 17 Jul 2026 05:07 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦਿੰਦਿਆਂ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਖਾਈ ਫ਼ੇਮੇ ਕੀ ਅਤੇ ਸਬਜ਼ੀ ਮੰਡੀ ਵਿਖ਼ੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਲੱਖਾਂ ਰੁਪਏ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਸਥਾਨਕ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਮੰਡੀਆਂ ਵਿਚ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਇਲਾਕੇ ਦੀ ਨੁਹਾਰ ਬਦਲਣ ਵਿੱਚ ਇੱਕ ਅਹਿਮ ਕਦਮ ਸਾਬਤ ਹੋਣਗੇ। ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਹਲਕੇ ਦੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਖਾਈ ਫੇਮੇ ਕੀ ਵਿਖੇ ਕਰੀਬ 7.69 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 35×35 ਫੁੱਟ ਸਟੀਲ ਕਵਰ ਸ਼ੈੱਡ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ, ਖਾਈ ਫੇਮੇ ਕੀ ਦੇ ਖ਼ਰੀਦ ਕੇਂਦਰ ਵਿਖ਼ੇ ਕਿਸਾਨਾਂ ਦੀ ਸਹੂਲਤ ਲਈ 16.16 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਗਈਆਂ ਆਧੁਨਿਕ ਟਾਵਰ ਲਾਈਟਾਂ ਦਾ ਉਦਘਾਟਨ ਵੀ ਕੀਤਾ ਗਿਆ, ਜੋ ਰਾਤ ਸਮੇਂ ਮੰਡੀ ਵਿਚ ਆਉਣ ਵਾਲੇ ਲੋਕਾਂ ਲਈ ਕਾਫੀ ਮਦਦਗਾਰ ਸਾਬਤ ਹੋਣਗੀਆਂ।ਇਸ ਤੋਂ ਇਲਾਵਾ, ਫਿਰੋਜ਼ਪੁਰ ਸ਼ਹਿਰ ਦੀ ਸਬਜ਼ੀ ਮੰਡੀ ਵਿਖੇ ਆੜ੍ਹਤੀਆਂ ਅਤੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ 50 ਗੁਣਾਂ 75 ਫੁੱਟ ਦੇ ਇਕ ਵੱਡੇ ਸਟੀਲ ਕਵਰ ਸ਼ੈੱਡ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਹ ਨਵਾਂ ਸ਼ੈੱਡ ਲਗਭਗ 39.95 ਲੱਖ ਰੁਪਏ ਦੀ ਵੱਡੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ, ਜਿਸ ਦਾ ਨਿਰਮਾਣ ਕਾਰਜ ਜਲਦੀ ਹੀ ਮੁਕੰਮਲ ਕਰਕੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਮੌਕੇ ਹਾਜ਼ਰ ਇੱਕਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਭੁੱਲਰ ਨੇ ਆਖਿਆ ਕਿ ਇਹ ਸਾਰੇ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਜਨਤਾ ਨੂੰ ਆਧੁਨਿਕ ਸਹੂਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਲੋਕਾਂ ਦੀ ਸੇਵਾ ਕਰਨਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਸਾਡੀ ਮੁੱਖ ਜ਼ਿੰਮੇਵਾਰੀ ਹੈ, ਅਤੇ ਸਾਡੀ ਵਚਨਬੱਧਤਾ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜ਼ੂਦਾ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਹਰ ਵਰਗ ਦੇ ਕਲਿਆਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਫਿਰੋਜ਼ਪੁਰ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੇਕ ਪ੍ਰਤਾਪ ਸਿੰਘ, ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਹਰਮੀਤ ਸਿੰਘ ਖਾਈ, ਸੁੁਖਚੈਨ ਸਿੰਘ ਖਾਈ, ਮੇਜਰ ਸਿੰਘ ਕੌਂਸਲਰ ਅਤੇ ਹੋਰ ਵੀ ਹਾਜ਼ਰ ਸਨ।