ਭਗਵੰਤ ਮਾਨ ਸਰਕਾਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵਚਨਬੱਧ : ਵਿਧਾਇਕ ਭੁੱਲਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 1.71 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ
Publish Date: Mon, 06 Jul 2026 03:37 PM (IST)
Updated Date: Mon, 06 Jul 2026 03:39 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਸਨੀਕਾਂ ਨੂੰ ਆਵਾਜਾਈ ਦੀਆਂ ਬਿਹਤਰ, ਆਧੁਨਿਕ ਅਤੇ ਸੁਵਿਧਾਜਨਕ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਇਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਵਿਧਾਇਕ ਭੁੱਲਰ ਨੇ ਹਲਕੇ ਦੀਆਂ ਦੋ ਪ੍ਰਮੁੱਖ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਰਸਮੀ ਤੌਰ ’ਤੇ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ। ਇਨ੍ਹਾਂ ਵਿਕਾਸ ਕਾਰਜਾਂ ’ਤੇ ਕੁੱਲ 1.71 ਕਰੋੜ ਰੁਪਏ ਦੀ ਵੱਡੀ ਰਾਸ਼ੀ ਖਰਚ ਕੀਤੀ ਜਾਵੇਗੀ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਟੁੱਟੀਆਂ ਸੜਕਾਂ ਅਤੇ ਜਾਮ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪ੍ਰੋਜੈਕਟਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਦੋ ਅਹਿਮ ਸੜਕੀ ਮਾਰਗਾਂ ਦੀ ਨਵਿਆਉਣ ਅਤੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਸੂਰੀ ਗੇਟ ਤੋਂ ਲੈ ਕੇ ਬਾਰੇ ਕੇ ਚੌਂਕ ਤੱਕ 4.40 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਇਹ ਮਾਰਗ ਸ਼ਹਿਰ ਦੇ ਮੁੱਖ ਹਿੱਸਿਆਂ ਨੂੰ ਆਪਸ ਵਿਚ ਜੋੜਦਾ ਹੈ। ਉਨ੍ਹਾਂ ਦੱਸਿਆ ਕਿ ਕਿਲ੍ਹੇ ਵਾਲਾ ਚੌਂਕ ਤੋਂ ਬਸਤੀ ਭੱਟੀਆਂ ਵਾਲੀ ਤੱਕ 1.65 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਸੜਕਾਂ ਦੀ ਕੁੱਲ ਲੰਬਾਈ ਲਗਭਗ 6.05 ਕਿਲੋਮੀਟਰ ਬਣਦੀ ਹੈ ਅਤੇ ਇਨ੍ਹਾਂ ’ਤੇ ਲਗਭਗ 1.71 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਸੜਕਾਂ ਦੇ ਬਣਨ ਨਾਲ ਆਲੇ-ਦੁਆਲੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੀ ਆਵਾਜਾਈ ਬੇਹੱਦ ਸੁਗਮ, ਸੁਰੱਖਿਅਤ ਅਤੇ ਸੁਚਾਰੂ ਹੋ ਜਾਵੇਗੀ, ਜਿਸ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਰਾਹਗੀਰਾਂ ਅਤੇ ਵਪਾਰੀਆਂ ਨੂੰ ਵੱਡਾ ਲਾਭ ਪਹੁੰਚੇਗਾ। ਇਸ ਮੌਕੇ ਹਾਜ਼ਰ ਲੋਕਾਂ ਅਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਭੁੱਲਰ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭੁੱਲਰ ਨੇ ਆਖਿਆ ਕਿ ਸਾਡਾ ਮੁੱਖ ਉਦੇਸ਼ ਫ਼ਿਰੋਜ਼ਪੁਰ ਹਲਕੇ ਦੇ ਹਰ ਇੱਕ ਖੇਤਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਇਕ ਬਿਹਤਰ ਬੁਨਿਆਦੀ ਢਾਂਚਾ ਅਤੇ ਆਧੁਨਿਕ ਸੁਵਿਧਾਵਾਂ ਮਿਲ ਸਕਣ। ਆਉਣ ਵਾਲੇ ਸਮੇਂ ਵਿੱਚ ਵੀ ਆਮ ਜਨਤਾ ਦੀਆਂ ਲੋੜਾਂ ਅਤੇ ਮੰਗਾਂ ਨੂੰ ਮੁੱਖ ਰੱਖਦਿਆਂ ਵਿਕਾਸ ਦੇ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਹ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਇਸ ਮੌਕੇ ਨੇਕ ਪ੍ਰਤਾਪ ਸਿੰਘ, ਰਾਜ ਬਹਾਦੁਰ ਸਿੰਘ, ਹਿਮਾਂਸ਼ੂ ਠੱਕਰ, ਦਿਲਬਾਗ ਸਿੰਘ ਨੰਡਾ ਚੇਅਰਮੈਨ ਬਲਾਕ ਸੰਮਤੀ ਫਿਰੋਜ਼ਪੁਰ, ਹਰਮੀਤ ਸਿੰਘ ਖਾਈ, ਸੁਖਚੈਨ ਸਿੰਘ ਖਾਈ, ਮੇਜਰ ਸਿੰਘ ਕੌਂਸਲਰ ਤੇ ਹੋਰ ਵੀ ਹਾਜ਼ਰ ਸਨ।