- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਣਬੀਰ ਭੁੱਲਰ ਅਤੇ ਰਜਨੀਸ਼ ਦਹੀਯਾ ਨੇ 6 ਨਵੇਂ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਅੱਜ ਛੇ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦਾ ਪਿੰਡ ਮਹਾਲਮ, ਸੁਧ ਸਿੰਘ ਵਾਲਾ, ਸੁਰ ਸਿੰਘ ਵਾਲਾ, ਕਟੋਰਾ, ਰੁਕਣੇਵਾਲਾ ਅਤੇ ਪਿੰਡ ਖਿਲਚਿਆਂ ਕਦੀਮ ਵਿਖੇ ਉਦਘਾਟਨ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਾਹੀਆ ਵਲੋਂ ਕੀਤਾ ਗਿਆ। ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ ਫ਼ਿਰੋਜ਼ਪੁਰ, ਡਾ. ਵਿਵੇਕ ਰਜੌਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪੰਕਜ ਗੁਪਤਾ ਮੌਜ਼ੂਦ ਸਨ। ਇਸ ਮੌਕੇ ਵਿਧਾਇਕ ਰਜਨੀਸ਼ ਦਹੀਆ ਅਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਵਿਚ ਰਾਜ ਦੇ ਸਿਹਤ ਖੇਤਰ ਵਿਚ ਵੱਡੀ ਪੱਧਰ ’ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਬਿਲਕੁੱਲ ਮੁਫ਼ਤ ਉਪਲਬੱਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਹਿਲਾਂ 31 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਅਤੇ ਹੁਣ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 37 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਸਨੀਕਾਂ ਨੂੰ ਹੋਰ ਵੀ ਸੁਵਿਧਾਜਨਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ ਅਤੇ ਸਿਹਤ ਸਹੂਲਤਾਂ ਲੋਕਾਂ ਦੀ ਪਹੁੰਚ ਦੇ ਹੋਰ ਨੇੜੇ ਆਉਣਗੀਆਂ। ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ ਵਿਚ 46 ਤਰ੍ਹਾਂ ਦੇ ਟੈਸਟ ਅਤੇ 102 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫਸਰ ਵਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਗਈਆਂ ਹਨ ਜਿਸ ਦਾ ਫਾਇਦਾ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਹੋਵੇਗਾ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਖਾ ਭੱਟੀ, ਡਾ. ਕਰਨਵੀਰ ਤ੍ਰੇਹਨ, ਡਾ. ਰਮਨਪ੍ਰੀਤ ਕੌਰ, ਡਾ. ਅਭੈਜੀਤ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਅਮਰਜੀਤ ਐੱਸ.ਆਈ, ਹਿਮਾਂਸ਼ੂ ਪੀ.ਏ.ਟੂ ਐੱਮ.ਐੱਲ.ਏ ਫ਼ਿਰੋਜ਼ਪੁਰ ਸਹਿਰੀ, ਰੋਬੀ ਸੰਧੂ ਪੀ.ਏ.ਟੂ ਐੱਮ.ਐੱਲ.ਏ ਫ਼ਿਰੋਜ਼ਪੁਰ ਦਿਹਾਤੀ, ਪਿੰਡਾਂ ਦੇ ਸਰਪੰਚਾਂ, ਪੰਚਾਂ ਸਮੇਤ ਮੈਡੀਕਲ ਸਟਾਫ ਅਤੇ ਪਤਵੰਤੇ ਸੱਜਣ ਹਾਜ਼ਰ ਸਨ।