ਮਨਰੇਗਾ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਜਾਰੀ ਮਨਰੇਗਾ ਮੁਲਾਜ਼ਮਾਂ ਵੱਲੋਂ ਕਲਮ ਛੱਡ ਹੜਤਾਲ ਜਾਰੀ
Publish Date: Wed, 22 Jul 2026 04:46 PM (IST)
Updated Date: Wed, 22 Jul 2026 04:49 PM (IST)
- ਮੰਗਾਂ ਮੰਨਣ ਦੀ ਬਜਾਏ 2100 ਕਰਮਚਾਰੀਆਂ ਨੂੰ ਨੌਕਰੀਓਂ ਕੱਢਣ ’ਤੇ ਭੜਕੇ ਮੁਲਾਜ਼ਮ ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਪੰਜਾਬ ਵਿਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਮਨਰੇਗਾ ਕਰਮਚਾਰੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਤਣਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਸਰਕਾਰ ਵੱਲੋਂ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਖੰਨਾ ਵਿਖੇ ਹੋਏ ਰੋਸ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਦੇ ਬਦਲੇ ਰਵੱਈਏ ਨੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਹੈ। ਪੰਜਾਬ ਵਿਚ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਮਨਰੇਗਾ ਕਰਮਚਾਰੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਕਲਮ ਛੱਡੋ ਹੜਤਾਲ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਸੁਹਿਰਦ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਉੱਤਰਨ ਲਈ ਮਜ਼ਬੂਰ ਹੋਣਾ ਪਿਆ ਹੈ। ਜ਼ਿਕਰਯੋਗ ਹੈ ਕਿ 15 ਜੁਲਾਈ ਨੂੰ ਮਨਰੇਗਾ ਕਰਮਚਾਰੀਆਂ ਵੱਲੋਂ ਖੰਨਾ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ। ਇਸ ਪ੍ਰਦਰਸ਼ਨ ਨੂੰ ਦਬਾਉਣ ਲਈ ਪੁਲਿਸ ਵੱਲੋਂ ਕਰਮਚਾਰੀਆਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ। ਇਸ ਹਿੰਸਕ ਕਾਰਵਾਈ ਵਿਚ ਕਈ ਮਨਰੇਗਾ ਵਰਕਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਘਟਨਾ ਤੋਂ ਬਾਅਦ ਪੰਚਾਇਤ ਮੰਤਰੀ ਤਰੁਣਪ੍ਰੀਤ ਸੋਂਧ ਨੇ ਲਾਈਵ ਹੋ ਕੇ ਭਰੋਸਾ ਦਿਵਾਇਆ ਸੀ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਖੁਦ ਸਰਕਾਰ ਅੱਗੇ ਰੱਖ ਕੇ ਹੱਲ ਕਰਵਾਉਣਗੇ, ਪਰ ਮੰਤਰੀ ਦੇ ਇਸ ਭਰੋਸੇ ਤੋਂ ਅਗਲੇ ਹੀ ਦਿਨ ਸਰਕਾਰ ਵੱਲੋਂ 2100 ਕਰਮਚਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਗਿਆ। ਮੁਲਾਜ਼ਮ ਆਗੂਆਂ ਨੇ ਇਸ ਕਾਰਵਾਈ ਨੂੰ ਸਰਕਾਰ ਵੱਲੋਂ ਕੀਤਾ ਗਿਆ ਵੱਡਾ ਧੋਖਾ ਅਤੇ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖਾਹਾਂ ਤੱਕ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਭੁੱਖਮਰੀ ਦੇ ਕੰਢੇ ਪਹੁੰਚ ਚੁੱਕੇ ਹਨ। ਹੜਤਾਲੀ ਕਰਮਚਾਰੀਆਂ ਦੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਉਨ੍ਹਾਂ ਦੀਆਂ ਬਰਖਾਸਤਗੀਆਂ ਤੁਰੰਤ ਰੱਦ ਕੀਤੀਆਂ ਜਾਣ, ਬਕਾਇਆ ਤਨਖਾਹਾਂ ਜਾਰੀ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਪੰਚਾਇਤ ਵਿਭਾਗ ਵਿਚ ਪੱਕੇ ਤੌਰ ’ਤੇ ਤਬਦੀਲ ਕੀਤਾ ਜਾਵੇ।