ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਵਜੋਂ ਧਰਮਪਾਲ ਚੁੱਘ ਨੇ ਸੰਭਾਲਿਆ ਅਹੁਦਾ ਨਗਰ ਕੌਂਸਲ ਜ਼ੀਰਾ ਨੂੰ ਮਿਲੀ ਨਵੀਂ ਅਗਵਾਈ ਧਰਮਪਾਲ ਚੁੱਘ ਨੇ ਪ੍ਰਧਾਨ ਤੇ ਰਾਜੀਵ ਸ਼ਰਮਾ ਭੋਲਾ ਨੇ ਵਾਈਸ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
Publish Date: Mon, 13 Jul 2026 04:12 PM (IST)
Updated Date: Mon, 13 Jul 2026 04:12 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਨਗਰ ਕੌਂਸਲ ਜ਼ੀਰਾ ਨੂੰ ਨਵੀਂ ਲੀਡਰਸ਼ਿਪ ਮਿਲਣ ਨਾਲ ਸ਼ਹਿਰ ਦੇ ਵਿਕਾਸ ਲਈ ਨਵੀਆਂ ਉਮੀਦਾਂ ਜਾਗ ਪਈਆਂ ਹਨ। ਨਗਰ ਕੌਂਸਲ ਜ਼ੀਰਾ ਦੇ ਨਵ-ਨਿਯੁਕਤ ਪ੍ਰਧਾਨ ਧਰਮਪਾਲ ਚੁੱਘ ਅਤੇ ਵਾਈਸ ਪ੍ਰਧਾਨ ਰਾਜੀਵ ਕੁਮਾਰ ਸ਼ਰਮਾ ਭੋਲਾ ਨੇ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਰਸਮੀ ਤੌਰ ਤੇ ਚਾਰਜ ਸੰਭਾਲ ਲਿਆ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ੰਕਰ ਕਟਾਰੀਆ, ਕੌਂਸਲਰਾਂ, ਸਮਾਜਿਕ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਰਹੇ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਪ੍ਰਧਾਨ ਧਰਮਪਾਲ ਚੁੱਘ ਅਤੇ ਵਾਈਸ ਪ੍ਰਧਾਨ ਰਾਜੀਵ ਕੁਮਾਰ ਸ਼ਰਮਾ ਭੋਲਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪੈਂਡਿੰਗ ਪਏ ਪ੍ਰੋਜੈਕਟਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਜ਼ੀਰਾ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਲਈ ਲੋੜੀਂਦੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਹੀ ਸਾਡੀ ਪਹਿਲੀ ਤਰਜੀਹ ਹੈ। ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸੀਵਰੇਜ, ਸੜਕਾਂ, ਸਫ਼ਾਈ ਅਤੇ ਸਟਰੀਟ ਲਾਈਟਾਂ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ। ਵਾਈਸ ਪ੍ਰਧਾਨ ਰਾਜੀਵ ਸ਼ਰਮਾ ਭੋਲਾ ਨੇ ਕਿਹਾ ਕਿ ਨਗਰ ਕੌਂਸਲ ਦੀ ਟੀਮ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਕਰ ਕਟਾਰੀਆ, ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਧਰਮਪਾਲ ਚੁੱਘ, ਪ੍ਰਧਾਨ,ਰਾਜੀਵ ਕੁਮਾਰ ਭੋਲਾ ਵਾਈਸ ਪ੍ਰਧਾਨ, ਨਰਿੰਦਰ ਕੁਮਾਰ ਕਾਰਜ ਸਾਧਕ ਅਫ਼ਸਰ, ਕੁਲਦੀਪ ਕੌਰ, ਕਰਨਜੀਤ ਸਿੰਘ ਸੰਧੂ, ਕਸ਼ਮੀਰ ਸਿੰਘ ਭੁੱਲਰ, ਉਦੇਸ਼ ਕਟਾਰੀਆ, ਅਮਨਦੀਪ ਸਿੰਘ ਦਰਗਨ, ਸੁਨੀਲ ਸਿਆਲ, ਮਨਿੰਦਰ ਸਿੰਘ, ਅਨਿਲ ਗੁਲਾਟੀ, ਮਹਿੰਦਰ ਸਿੰਘ ਅਹੂਜਾ, ਆਦਿ ਹਾਜ਼ਰ ਸਨ।