ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਫਿਰੋਜ਼ਪੁਰ ਪਹੁੰਚੇਗਾ : ਡੀਸੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ 20 ਨਵੰਬਰ ਨੂੰ ਫਿਰੋਜ਼ਪੁਰ ਪਹੁੰਚੇਗਾ : ਡੀਸੀ
Publish Date: Wed, 12 Nov 2025 04:56 PM (IST)
Updated Date: Wed, 12 Nov 2025 04:58 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਧਾਰਮਿਕ ਸਮਾਗਮਾਂ, ਲੰਗਰ, ਟਰੈਫਿਕ ਸੁਰੱਖਿਆ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਯਾਲਾ ਜੀ ਦੀ ਅਦੁੱਤੀ ਸ਼ਹੀਦੀ ਨੂੰ ਯੋਗ ਸ਼ਰਧਾਂਜਲੀ ਦੇਣ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਵੱਖ-ਵੱਖ ਸਥਾਨਾਂ ਤੋਂ ਨਗਰ ਕੀਰਤਨ ਕੱਢੇ ਜਾਣਗੇ, ਜਿਨ੍ਹਾਂ ਵਿਚੋਂ ਇਕ 20 ਨਵੰਬਰ ਨੂੰ ਫਰੀਦਕੋਟ ਤੋਂ ਆਰੰਭ ਹੋ ਕੇ ਫਿਰੋਜ਼ਪੁਰ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋ ਕੇ ਫਿਰੋਜ਼ਪੁਰ ਛਾਉਣੀ, ਸ਼ੇਰਸ਼ਾਹ ਵਾਲੀ ਚੌਂਕ, ਸ਼ਹੀਦ ਊਧਮ ਸਿੰਘ ਚੌਂਕ ਅਤੇ ਮੱਲਵਾਲ ਰੋਡ ਰਾਹੀਂ ਗੁਰਦੁਆਰਾ ਜਾਮਨੀ ਸਾਹਿਬ ਬਾਜ਼ੀਦਪੁਰ ਤੱਕ ਪਹੁੰਚੇਗਾ। ਇਸ ਤੋਂ ਬਾਅਦ ਇਹ ਨਗਰ ਕੀਰਤਨ ਮੋਗਾ, ਜਗਰਾਓ, ਲੁਧਿਆਣਾ ਤੇ ਹੋਰ ਰਸਤਿਆਂ ਰਾਹੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਡਿਪਟੀ ਕਮਿਸ਼ਨਰ ਨੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੜਕਾਂ ਦੀ ਮੁਰੰਮਤ, ਸਾਫ਼-ਸਫ਼ਾਈ, ਲਾਈਟਿੰਗ, ਪਾਣੀ ਦੀ ਉਪਲਬਧਤਾ, ਰੂਟ ਪਲਾਨ, ਸੁਰੱਖਿਆ ਅਤੇ ਹੋਰ ਸਹੂਲਤਾਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗ ਆਪਣੇ-ਆਪਣੇ ਭਾਗ ਦੀ ਡਿਊਟੀ ਸੇਵਾ ਤੇ ਸ਼ਰਧਾ ਦੀ ਭਾਵਨਾ ਨਾਲ ਨਿਭਾਉਣ। ਉਨ੍ਹਾਂ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਗਰ ਕੀਰਤਨ ਦੌਰਾਨ ਲਗਾਏ ਜਾਣ ਵਾਲੇ ਲੰਗਰਾਂ ਅਤੇ ਹੋਰ ਸੇਵਾਵਾਂ ਸਬੰਧੀ ਰੈਡ ਕਰੋਸ ਨਾਲ ਤਾਲਮੇਲ ਕਰ ਲੈਣ ਤਾਂ ਜੋ ਜਗ੍ਹਾ ਅਤੇ ਪਾਰਕਿੰਗ ਆਦਿ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਇਸ ਪਵਿੱਤਰ ਨਗਰ ਕੀਰਤਨ ਵਿਚ ਸ਼ਰਧਾ ਨਾਲ ਭਾਗ ਲੈਣ। ਇਸ ਮੌਕੇ ਐੱਸਡੀਐੱਮ ਫਿਰੋਜ਼ਪੁਰ ਗੁਰਦੇਵ ਸਿੰਘ ਧੰਮ, ਲਿੰਧਿਆ ਐੱਲ. ਏਐਨ ਆਈਏਐੱਸ (ਯੂ.ਟੀ.), ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਪੀਸੀਐੱਸ. (ਯੂ.ਟੀ.) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।