ਸਟਾਫ਼ ਰਿਪੋਰਟਰ, ਫਿਰੋਜ਼ਪੁਰ : ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਬੰਦ ਪੁੱਤਰ ਨਾਲ ਮੁਲਾਕਾਤ ਕਰਨ ਆਈ ਇਕ ਮਾਂ ਦੇ ਕਬਜ਼ੇ ਵਿਚੋਂ ਨਸ਼ੀਲਾ ਪਾਊਡਰ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧ ਵਿਚ ਪੁਲਿਸ ਥਾਣਾ ਸਿਟੀ ਫਿਰੋਜ਼ਪੁਰ ਵੱਲੋਂ ਔਰਤ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜੇਲ੍ਹ ਦੇ ਅੰਦਰ ਬੰਦ ਹਵਾਲਾਤੀ ਸੁਨੀਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਮੌਜਮ ਥਾਣਾ ਸਦਰ ਫ਼ਾਜ਼ਿਲਕਾ ਦੀ ਮੁਲਾਕਾਤ ਕਰਨ ਬੀਤੇ ਦਿਨ ਉਸ ਦੀ ਮਾਂ ਸ਼ੀਲਾ ਰਾਣੀ ਉਰਫ਼ ਸ਼ੀਲਾ ਆਈ ਸੀ। ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਜਦੋਂ ਸੁਨੀਲ ਸਿੰਘ ਦੀ ਮਾਂ ਸ਼ੀਲਾ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਮੂੰਹ ਵਿਚੋਂ ਮੋਮੀ ਲਿਫ਼ਾਫ਼ਾ ਮਿਲਿਆ, ਜਿਸ 'ਚੋਂ ਅੱਧਾ ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਉਕਤ ਸ਼ੀਲਾ ਦੇ ਵਿਰੁੱਧ ਪੁਲਿਸ ਕਾਰਵਾਈ ਕਰਨ ਸਬੰਧੀ ਸਿਟੀ ਫਿਰੋਜ਼ਪੁਰ ਪੁਲਿਸ ਨੂੰ ਲਿਖਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਵੱਲੋਂ ਭੇਜੀ ਗਈ ਸ਼ਿਕਾਇਤ ਦੇ ਆਧਾਰ 'ਤੇ ਸ਼ੀਲਾ ਰਾਣੀ ਉਰਫ਼ ਸ਼ੀਲਾ ਪਤਨੀ ਬਲਵੰਤ ਸਿੰਘ ਵਾਸੀ ਪਿੰਡ ਮੌਜਮ ਥਾਣਾ ਸਦਰ ਫ਼ਾਜ਼ਿਲਕਾ ਦੇ ਵਿਰੁੱਧ ਪਰੀਸੰਨਜ਼ ਐਕਟ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।