- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਧਰਮਸ਼ਾਲਾ ਵਿਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਦੀ ਬੱਲੇ-ਬੱਲੇ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪਿਛਲੇ ਦਿਨੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੇ ਇਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਦਾ ਲੋਹਾ ਮਨਵਾਉਂਦਿਆਂ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਡਿਸਟ੍ਰਿਕਟ ਮਾਸਟਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਦੇ 6 ਖਿਡਾਰੀਆਂ ਨੇ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ ਭਾਗ ਲਿਆ, ਜਿਸ ਵਿਚ ਦੇਸ਼ ਦੇ 20 ਰਾਜਾਂ ਤੋਂ ਲਗਭਗ 1200 ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੇ ਕਈ ਸੋਨੇ ਦੇ ਮੈਡਲ ਜਿੱਤ ਕੇ ਜ਼ਿਲ੍ਹੇ ਨੂੰ ਮਾਣ ਵਧਾਇਆ। 70 ਸਾਲ ਤੋਂ ਵੱਧ ਉਮਰ ਵਰਗ ਵਿਚ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਸ਼ਾਟ ਪੁੱਟ ਅਤੇ ਜੈਵਲਿਨ ਥਰੋ ਵਿਚ ਸੋਨੇ ਦੇ ਮੈਡਲ ਜਿੱਤ ਕੇ ਆਪਣੀ ਬੇਮਿਸਾਲ ਫਿਟਨੈੱਸ ਅਤੇ ਖੇਡ ਪ੍ਰਤਿਭਾ ਦਾ ਸਬੂਤ ਦਿੱਤਾ। 65 ਸਾਲ ਤੋਂ ਵੱਧ ਉਮਰ ਵਰਗ ਵਿੱਚ ਪ੍ਰੋਫੈਸਰ ਸਰਜੀਤ ਸਿੰਘ ਸਿੱਧੂ ਨੇ ਹੈਮਰ ਥਰੋ ਅਤੇ ਸ਼ਾਟ ਪੁੱਟ ਵਿਚ ਸੋਨੇ ਦੇ ਮੈਡਲ ਹਾਸਲ ਕੀਤੇ। 60 ਸਾਲ ਤੋਂ ਵੱਧ ਉਮਰ ਵਰਗ ਵਿਚ ਡਾ. ਜਸਵੰਤ ਸਿੰਘ ਨੇ 200 ਮੀਟਰ ਅਤੇ 400 ਮੀਟਰ ਦੌੜ ਵਿਚ ਸੋਨੇ ਦੇ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਅਧਿਆਪਕ ਈਸ਼ਵਰ ਸ਼ਰਮਾ ਨੇ ਨਵਾਂ ਨੈਸ਼ਨਲ ਰਿਕਾਰਡ ਕਾਇਮ ਕਰਦਿਆਂ ਸ਼ਾਟ ਪੁੱਟ ਅਤੇ ਜੈਵਲਿਨ ਥਰੋ ਵਿਚ ਸੋਨੇ ਦੇ ਮੈਡਲ ਪੰਜਾਬ ਦੀ ਝੋਲੀ ਪਾਏ। 45 ਸਾਲ ਤੋਂ ਵੱਧ ਉਮਰ ਵਰਗ ਵਿਚ ਲੈਕਚਰਾਰ ਜਸਵਿੰਦਰ ਸਿੰਘ ਸੰਧੂ ਨੇ ਹੈਮਰ ਥਰੋ ਵਿਚ ਸੋਨੇ ਦਾ ਮੈਡਲ ਜਿੱਤਿਆ, ਜਦਕਿ 40 ਸਾਲ ਤੋਂ ਵੱਧ ਉਮਰ ਵਰਗ ਵਿਚ ਏਸ਼ੀਅਨ ਚੈਂਪੀਅਨ ਪ੍ਰਗਟ ਸਿੰਘ ਗਿੱਲ ਨੇ ਨਵਾਂ ਰਿਕਾਰਡ ਬਣਾਉਂਦਿਆਂ ਹੈਮਰ ਥਰੋ ਅਤੇ ਸ਼ਾਟ ਪੁੱਟ ਵਿਚ ਸੋਨੇ ਦੇ ਮੈਡਲ ਆਪਣੇ ਨਾਮ ਕੀਤੇ। ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਇਹ ਖਿਡਾਰੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ ਅਤੇ ਉਨ੍ਹਾਂ ਦਾ ਇਸ ਵਾਰ ਵੀ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾਲ ਖੇਡਾਂ ਪ੍ਰਤੀ ਰੁਝਾਨ ਵੱਧਦਾ ਹੈ ਅਤੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਗੁਰਦਿਆਲ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਦਲੀਪ ਸਿੰਘ ਸੰਧੂ ਕੈਸ਼ੀਅਰ, ਹਰਬਰਿੰਦਰ ਸਿੰਘ ਮੀਤ ਪ੍ਰਧਾਨ, ਕੇਵਲ ਕ੍ਰਿਸ਼ਨ ਸ਼ਰਮਾ, ਗੁਰਬਚਨ ਸਿੰਘ ਭੁੱਲਰ, ਮਲਕੀਤ ਸਿੰਘ ਹਰਾਜ ਜ਼ਿਲ੍ਹਾ ਪ੍ਰਧਾਨ ਡੈਮੋਕ੍ਰੈਟਿਕ ਟੀਚਰ ਫਰੰਟ, ਸਰਬਜੀਤ ਸਿੰਘ ਭਾਵੜਾ ਸੂਬਾ ਕਮੇਟੀ ਮੈਂਬਰ ਡੀਟੀਐੱਫ, ਡਾ. ਸਤਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।