ਧੁੰਦ ਦੌਰਾਨ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਣ ਲੋੜੀਂਦੇ ਉਪਰਾਲੇ : ਡਾ. ਨਿਧੀ ਕੁਮੁਦ
ਧੁੰਦ ਦੌਰਾਨ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਣ ਲੋੜੀਂਦੇ ਉਪਰਾਲੇ : ਡਾ. ਨਿਧੀ ਕੁਮੁਦ
Publish Date: Fri, 16 Jan 2026 04:19 PM (IST)
Updated Date: Fri, 16 Jan 2026 04:21 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਦੀ ਮੀਟਿੰਗ ਹੋਈ, ਜਿਸ ਦੌਰਾਨ ਜ਼ਿਲ੍ਹੇ ਵਿਚ ਸੜਕੀ ਹਾਦਸਿਆਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੜਕਾਂ ਤੇ ਬਲੈਕ ਸਪਾਟਸ, ਟਰੈਫਿਕ ਲਾਈਟਾਂ, ਜੈਬਰਾ ਕਰਾਸਿੰਗ, ਸੜਕਾਂ ’ਤੇ ਕਬਜ਼ੇ, ਭਾਰੀ ਵਾਹਨਾਂ ਦੀ ਅਵਾਜਾਈ, ਆਵਾਰਾ ਪਸ਼ੂਆਂ ਅਤੇ ਧੁੰਦ ਦੌਰਾਨ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਉਪਰਾਲਿਆਂ ’ਤੇ ਚਰਚਾ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਜ਼ਿਲ੍ਹੇ ਵਿੱਚ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਕੀਤੇ ਗਏ ਢੁਕਵੇਂ ਹੱਲ ਬਾਰੇ ਰਿਪੋਰਟ ਪ੍ਰਾਪਤ ਕਰਨ ਤੋਂ ਇਲਾਵਾ ਟਰੈਫਿਕ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਵਿੱਚ ਜਿੱਥੇ ਵੀ ਟਰੈਫਿਕ ਲਾਇਟਾਂ ਦੀ ਸਮੱਸਿਆ, ਬਲੈਕ ਸਪੋਟ ਅਤੇ ਸੜਕੀ ਹਾਦਸੇ ਹੋਣ ਦਾ ਖਦਸ਼ਾ ਹੈ ਉੱਥੇ ਤੁਰੰਤ ਲੋੜੀਂਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਆਵਾਰਾ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਿਵ ਕਾਲਰ ਪਾਉਣ ਅਤੇ ਸੜਕਾਂ ਤੋਂ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਣ ਸਬੰਧੀ ਵੀ ਜ਼ਰੂਰੀ ਕਦਮ ਚੁੱਕਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਬੱਸਾਂ ਵਿਚ ਬੱਚਿਆਂ ਅਤੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ, ਯਾਤਰੀਆਂ ਲਈ ਸੁਰੱਖਿਆ ਇੰਤਜ਼ਾਮ ਮਜ਼ਬੂਤ ਕਰਨ ਅਤੇ ਸਮੇਂ-ਸਮੇਂ ’ਤੇ ਚੈਕਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਸੜਕਾਂ ਦੀ ਮੁਰੰਮਤ, ਬਲੈਕ ਸਪੋਟਸ ਅਤੇ ਹਾਦਸਿਆਂ ਦਾ ਕਾਰਨ ਬਣ ਰਹੀਆਂ ਰੁਕਾਵਟਾਂ ਨੂੰ ਜਲਦ ਤੋਂ ਜਲਦ ਦੂਰ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਸੇਫ਼ ਸਕੂਲ ਵਾਹਨ ਪਾਲਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਅਣਸੁਰੱਖਿਅਤ ਸਕੂਲੀ ਵਾਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਕੂਲਾਂ ਵਿਚ ਸਕੂਲੀ ਵਾਹਨਾਂ ਦੀ ਨਿਯਮਿਤ ਚੈਕਿੰਗ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਹੋ ਸਕੇ। ਮੀਟਿੰਗ ਦੌਰਾਨ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਇਲਾਵਾ ਆਮ ਲੋਕਾਂ, ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਨਿਯਮਿਤ ਤੌਰ ’ਤੇ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਨ ਲਈ ਵੀ ਕਿਹਾ। ਮੀਟਿੰਗ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਸਤਿੰਦਰ ਸਿੰਘ, ਜੀਐੱਮ ਰੋਡਵੇਜ਼ ਅਮਿਤ ਅਰੋੜਾ, ਸੁਖਪਾਲ ਸਿੰਘ ਸੁਪਰਡੰਟ ਸੈਨੀਟਰੀ, ਐੱਸਡੀਓ ਪੀਡੀਬਲਿਊਡੀ ਸਿਮਰਨ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।